ਅਕਾਲੀ ਉਮੀਦਵਾਰ ਦੇ ਸ਼ੋਅਰੂਮ ‘ਤੇ ਫਾਇਰਿੰਗ, 50 ਲੱਖ ਦੀ ਫਿਰੌਤੀ ਮੰਗਣ ਦਾ ਦਾਅਵਾ
ਅਕਾਲੀ ਉਮੀਦਵਾਰ ਦੇ ਸ਼ੋਅਰੂਮ ‘ਤੇ ਫਾਇਰਿੰਗ, 50 ਲੱਖ ਦੀ ਫਿਰੌਤੀ ਮੰਗਣ ਦਾ ਦਾਅਵਾ
ਰਈਆ ਨਗਰ ਪੰਚਾਇਤ ਚੋਣਾਂ ਦੌਰਾਨ ਵੱਡੀ ਵਾਰਦਾਤ ਨਾਲ ਇਲਾਕੇ ‘ਚ ਦਹਿਸ਼ਤ
ਅੰਮ੍ਰਿਤਸਰ : ਰਈਆ ਨਗਰ ਪੰਚਾਇਤ ਚੋਣਾਂ ਦੇ ਮਾਹੌਲ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਇਕ ਉਮੀਦਵਾਰ ਦੇ ਟਾਇਲ ਸ਼ੋਅਰੂਮ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਬਾਈਕ ਸਵਾਰ ਹਮਲਾਵਰਾਂ ਨੇ ਸ਼ੋਅਰੂਮ ਦੇ ਬਾਹਰ ਆ ਕੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਸਮੇਂ ਦੁਕਾਨ ਬੰਦ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸ਼ਟਰ ‘ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਵੇਖੇ ਗਏ।
ਪਹਿਲਾਂ ਆਈ ਸੀ 50 ਲੱਖ ਦੀ ਫਿਰੌਤੀ ਵਾਲੀ ਧਮਕੀ
ਜਾਣਕਾਰੀ ਮੁਤਾਬਕ, ਜਿਸ ਵਿਅਕਤੀ ਦੇ ਸ਼ੋਅਰੂਮ ‘ਤੇ ਹਮਲਾ ਹੋਇਆ ਉਹ ਰਈਆ ਨਗਰ ਪੰਚਾਇਤ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਗਰਮ ਤੌਰ ‘ਤੇ ਚੋਣ ਮੈਦਾਨ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 50 ਲੱਖ ਰੁਪਏ ਦੀ ਫਿਰੌਤੀ ਮੰਗਣ ਲਈ ਧਮਕੀ ਭਰੀ ਕਾਲ ਵੀ ਆਈ ਸੀ। ਇਸ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ।
“ਅੱਜ ਫਾਇਰਿੰਗ ਦੀ ਘਟਨਾ ਵਾਪਰੀ” : ਸਰਬਜੀਤ ਸਿੰਘ
ਦੁਕਾਨ ਮਾਲਕ ਅਤੇ ਕੌਂਸਲਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਟਾਇਲ ਸ਼ੋਅਰੂਮ ਦਾ ਕਾਰੋਬਾਰ ਕਰਦੇ ਹਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਈ ਸੀ। ਇਸ ਸਬੰਧੀ ਪੁਲਿਸ ਵੱਲੋਂ ਪਹਿਲਾਂ ਹੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਸੀ, ਪਰ ਹੁਣ ਫਾਇਰਿੰਗ ਦੀ ਘਟਨਾ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।
ਸਿਆਸੀ ਆਗੂ ਮੌਕੇ ‘ਤੇ ਪੁੱਜੇ, ਸਖ਼ਤ ਕਾਰਵਾਈ ਦੀ ਮੰਗ
ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਇਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸਾਬਕਾ ਵਿਧਾਇਕ ਵੀ ਮੌਕੇ ‘ਤੇ ਪੁੱਜੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
“ਚੋਣਾਂ ਦੌਰਾਨ ਅਜਿਹੀਆਂ ਘਟਨਾਵਾਂ ਚਿੰਤਾਜਨਕ”
ਸਿਆਸੀ ਧਿਰਾਂ ਨੇ ਇੱਕਸੁਰ ਹੋ ਕੇ ਕਿਹਾ ਕਿ ਚੋਣਾਂ ਦੇ ਮਾਹੌਲ ਵਿਚ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੂੰ ਕਰਵਾਇਆ ਗਿਆ ਜਾਣੂ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫੋਨ ਕਰਕੇ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਸ਼ਾਂਤਮਈ ਧਰਨਾ ਜਾਰੀ ਰੱਖਿਆ ਜਾਵੇਗਾ।
ਕਾਂਗਰਸ ਅਤੇ ਭਾਜਪਾ ਆਗੂਆਂ ਨੇ ਵੀ ਕੀਤੀ ਨਿੰਦਾ
ਇਸ ਮਾਮਲੇ ਦੀ ਖ਼ਾਸ ਗੱਲ ਇਹ ਰਹੀ ਕਿ ਸਿਰਫ਼ ਅਕਾਲੀ ਦਲ ਹੀ ਨਹੀਂ, ਸਗੋਂ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਵੀ ਫਾਇਰਿੰਗ ਦੀ ਘਟਨਾ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਲਈ ਕੋਈ ਥਾਂ ਨਹੀਂ ਹੋ ਸਕਦੀ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ, CCTV ਫੁਟੇਜ ਖੰਗਾਲੀ ਜਾ ਰਹੀ
ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਬਿਆਸ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸ਼ੋਅਰੂਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਡੀਐਸਪੀ ਬਾਬਾ ਬਕਾਲਾ ਸੁਖਪਾਲ ਸਿੰਘ ਨੇ ਦੱਸਿਆ ਕਿ ਧਮਕੀ ਭਰੀ ਕਾਲ ਦੇ ਮਾਮਲੇ ਵਿਚ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਹੁਣ ਫਾਇਰਿੰਗ ਮਾਮਲੇ ਵਿਚ ਵੀ ਪੁਲਿਸ ਨੂੰ ਕੁਝ ਅਹਿਮ ਲੀਡ ਮਿਲੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।





