‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੂੰ ਵੱਡਾ ਝਟਕਾ

ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਪਾਰਟੀ ਨਾਲੋਂ ਨਾਤਾ ਤੋੜਣ ਦੀ ਜਾਣਕਾਰੀ ਸਾਂਝੀ ਕੀਤੀ। ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਸਮੇਤ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਫੈਸਲੇ ਦੇ ਪਿੱਛੇ 2 ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਪੈਦਾ ਹੋਈ ਸਥਿਤੀ ਅਤੇ ਪੰਥਕ ਏਕਤਾ ਦੇ ਟੁੱਟਣ ਨੂੰ ਮੁੱਖ ਕਾਰਨ ਦੱਸਿਆ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਲਿਖਿਆ ਕਿ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾ ਚੁੱਕੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਅਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ।” ਇਸ ਦੇ ਨਾਲ ਹੀ ਮਨਪ੍ਰੀਤ ਇਆਲੀ ਨੇ ਸਪੱਸ਼ਟ ਕੀਤਾ ਕਿ ਉਹ ਭਵਿੱਖ ਵਿੱਚ ਭਾਜਪਾ, ਬਾਦਲ ਦਲ, ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿੱਚ ਕਦੇ ਵੀ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮਨਪ੍ਰੀਤ ਇਆਲੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ, ਅੱਜ ਜਾਰੀ ਕੀਤੇ ਸੁਨੇਹੇ ਰਾਹੀਂ ਉਨ੍ਹਾਂ ਨੇ ਇਨ੍ਹਾਂ ਕਿਆਸਾਂ ਨੂੰ ਖਾਰਜ ਕਰ ਦਿੱਤਾ।ਵੀਡੀਓ ਸੁਨੇਹੇ ਦੌਰਾਨ ਮਨਪ੍ਰੀਤ ਇਆਲੀ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਵੀ ਜ਼ਿਕਰ ਕੀਤਾ ਅਤੇ ਉਨ੍ਹਾਂ ਦੀ ਸਿਫ਼ਤ ਕਰਦੇ ਨਜ਼ਰ ਆਏ।ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨਾਲੋਂ ਦੂਰੀ ਬਣਾ ਚੁੱਕੇ ਹਨ। ਹੁਣ ਮਨਪ੍ਰੀਤ ਇਆਲੀ ਦੇ ਅਸਤੀਫ਼ੇ ਨਾਲ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸਿਆਸੀ ਮਾਹਿਰਾਂ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਅੰਦਰ ਹੋਰ ਵੀ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।