ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ

10 ਕਿਲੋ ਤੋਂ ਵੱਧ ਹੈਰੋਇਨ, 2 ਕਿਲੋ ਆਈਸ ਡਰੱਗ ਅਤੇ ਤੁਰਕੀ ਮੇਡ ਪਿਸਤੌਲ ਸਮੇਤ 3 ਤਸਕਰ ਗ੍ਰਿਫ਼ਤਾਰ
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ, ਆਈਸ ਡਰੱਗ ਅਤੇ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ Bhupinder Singh Sidhu ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਪੁਲਸ ਟੀਮ ਗਸ਼ਤ ਦੌਰਾਨ ਮੌਜੂਦ ਸੀ, ਜਦੋਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਓਮ ਉਰਫ਼ ਓਮੀ ਵਾਸੀ ਲੇਲੀ ਵਾਲਾ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਵਿੱਚ ਰਹਿ ਕੇ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਉਸ ਨੇ ਹੈਰੋਇਨ ਦੀ ਵੱਡੀ ਖੇਪ ਮੰਗਵਾਈ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 10 ਕਿਲੋ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਦੂਜੀ ਕਾਰਵਾਈ ਵਿੱਚ ਥਾਣਾ ਆਰਿਫਕੇ ਦੇ ਐੱਸ.ਐੱਚ.ਓ. ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਸ ਨੂੰ ਗੁਪਤ ਜਾਣਕਾਰੀ ਮਿਲੀ ਕਿ ਅਨਿਕੇਤ ਕੁਮਾਰ ਅਤੇ ਸੁਮਿਤ ਵਾਸੀ ਸ਼ਾਂਤੀ ਨਗਰ, ਫਿਰੋਜ਼ਪੁਰ ਸ਼ਹਿਰ ਆਈਸ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਕਾਲੇ ਰੰਗ ਦੇ ਮੋਟਰਸਾਈਕਲ ‘ਤੇ ਨਸ਼ੀਲਾ ਸਮਾਨ ਲੈ ਕੇ ਆ ਰਹੇ ਹਨ।

ਸੂਚਨਾ ਮਿਲਣ ‘ਤੇ ਪੁਲਸ ਨੇ ਰੇਲਵੇ ਪੁਲ ਨੇੜੇ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਕਿਲੋ 1 ਗ੍ਰਾਮ ਆਈਸ ਡਰੱਗ ਅਤੇ 30 ਬੋਰ ਦਾ ਤੁਰਕੀ ਮੇਡ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਗਿਆ।ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਆਰਿਫਕੇ ਵਿੱਚ ਐੱਨ.ਡੀ.ਪੀ.ਐੱਸ. ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ। ਪੁਲਸ ਵੱਲੋਂ ਤਸਕਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਏ ਗਏ ਸਨ। ਪੁਲਸ ਮੁਤਾਬਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ।