ਸਕੂਲਾਂ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ
Amritsar ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ Kuldeep Singh Dhaliwal ਨੇ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ, ਦਹਿਸ਼ਤ ਫੈਲਾਉਣ ਜਾਂ ਸਾਈਬਰ ਅਪਰਾਧਾਂ ਰਾਹੀਂ ਲੋਕਾਂ ਵਿੱਚ ਡਰ ਪੈਦਾ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਾਈਬਰ ਅੱਤਵਾਦ ਨਾਲ ਜੁੜੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਮੁੱਖ ਸਾਈਬਰ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗਿਰੋਹ ਈਮੇਲਾਂ ਅਤੇ ਸੋਸ਼ਲ ਮੀਡੀਆ ਰਾਹੀਂ ਵੱਖ-ਵੱਖ ਸੂਬਿਆਂ ਅਤੇ ਕੁਝ ਵਿਦੇਸ਼ੀ ਸੰਪਰਕਾਂ ਦੀ ਮਦਦ ਨਾਲ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਸਾਈਬਰ ਅੱਤਵਾਦ ਨਾਲ ਨਜਿੱਠਣਾ ਬਹੁਤ ਚੁਣੌਤੀਪੂਰਨ ਕੰਮ ਹੈ, ਪਰ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਧਾਲੀਵਾਲ ਨੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਡਰੋਨਾਂ ਰਾਹੀਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦਾਂ ’ਤੇ ਐਂਟੀ-ਡਰੋਨ ਸਿਸਟਮ ਦੀ ਸਖ਼ਤ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਲੋੜੀਂਦੀ ਤਕਨੀਕੀ ਮਦਦ ਨਹੀਂ ਦਿੱਤੀ ਜਾ ਰਹੀ, ਜਦਕਿ ਪੰਜਾਬ ਸਰਕਾਰ ਅਤੇ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। NEET ਪੇਪਰ ਲੀਕ ਮਾਮਲੇ ’ਤੇ ਗੱਲ ਕਰਦਿਆਂ ਧਾਲੀਵਾਲ ਨੇ ਇਸਨੂੰ ਗੰਭੀਰ ਮਾਮਲਾ ਦੱਸਿਆ ਅਤੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਡੀਜ਼ਲ, ਪੈਟਰੋਲ ਅਤੇ CNG ਦੀਆਂ ਵਧਦੀਆਂ ਕੀਮਤਾਂ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਅਸਰ ਕਿਸਾਨਾਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ, ਜਿਸ ਕਾਰਨ ਮਹਿੰਗਾਈ ਵਿੱਚ ਹੋਰ ਵਾਧਾ ਹੋ ਰਿਹਾ ਹੈ।