ਮਹਾਰਾਜਾ ਰਣਜੀਤ ਸਿੰਘ ਐਵਾਰਡ” ਨਾਲ ਸਨਮਾਨਿਤ ਹੋਏ ਪੰਜਾਬ ਦੇ 87 ਖਿਡਾਰੀ
1,070 ਖਿਡਾਰੀਆਂ ਨੂੰ ₹32 ਕਰੋੜ ਤੋਂ ਵੱਧ ਦੀ ਇਨਾਮੀ ਰਾਸ਼ੀ, ਮਹਿਲਾ ਕ੍ਰਿਕਟਰਾਂ ਅਤੇ ਪੈਰਾ ਖਿਡਾਰੀ ਨੂੰ ਵੀ ਵੱਡਾ ਸਨਮਾਨ
ਚੰਡੀਗੜ੍ਹ: ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ, ਡੀ.ਬੀ.ਟੀ ਅਤੇ ਕੈਸ਼ ਐਵਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਦੇਸ਼ ਅਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ 1,070 ਖਿਡਾਰੀਆਂ ਨੂੰ ਕੁੱਲ ₹32 ਕਰੋੜ 5 ਲੱਖ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ, ਕੋਚਾਂ, ਖੇਡ ਅਧਿਕਾਰੀਆਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਸਾਲ 2019 ਤੋਂ 2023 ਤੱਕ ਦੇ 87 ਨਾਮਵਰ ਖਿਡਾਰੀਆਂ ਨੂੰ “ਮਹਾਰਾਜਾ ਰਣਜੀਤ ਸਿੰਘ ਐਵਾਰਡ” ਨਾਲ ਨਿਵਾਜਿਆ ਗਿਆ। ਇਹ ਐਵਾਰਡ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਹੈ। ਸਮਾਗਮ ਦੌਰਾਨ ਖਿਡਾਰੀਆਂ ਦੀਆਂ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮਹਿਲਾ ਕ੍ਰਿਕਟ ਵਰਲਡ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਪੰਜਾਬ ਦੀਆਂ ਮਹਿਲਾ ਕ੍ਰਿਕਟਰਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ₹1.5-1.5 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੈਰਾ ਪਾਵਰਲਿਫਟਰ ਪਰਮਜੀਤ ਸਿੰਘ ਨੂੰ ₹55 ਲੱਖ ਦੀ ਰਕਮ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਖੇਡਦਾ ਪੰਜਾਬ, ਬਦਲਦਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ₹1,790 ਕਰੋੜ ਦਾ ਇਤਿਹਾਸਕ ਖੇਡ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ “ਖੇਡਾਂ ਵਤਨ ਪੰਜਾਬ ਦੀਆਂ” ਮੁਹਿੰਮ ਅਤੇ ਪਿੰਡ-ਪਿੰਡ ਖੇਡ ਮੈਦਾਨ ਬਣਾਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖਿਡਾਰੀਆਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਖਿਡਾਰੀਆਂ ਲਈ ਬਣ ਰਹੇ ਖੇਡ ਮੈਦਾਨ ਅਤੇ ਜਿੰਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਹਨ। ਉੱਥੇ ਹੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਢਾਂਚੇ ਦੇ ਮਜ਼ਬੂਤ ਹੋਣ ਨਾਲ ਹੋਰ ਨਵੇਂ ਖਿਡਾਰੀ ਉੱਭਰਨਗੇ ਅਤੇ ਸੂਬੇ ਦਾ ਨਾਮ ਵਿਸ਼ਵ ਪੱਧਰ ’ਤੇ ਹੋਰ ਚਮਕੇਗਾ।

ਸਮਾਗਮ ਦੌਰਾਨ ਇਹ ਵੀ ਕਿਹਾ ਗਿਆ ਕਿ ਖੇਡਾਂ ਰਾਹੀਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਸਰਕਾਰ ਦਾ ਮੰਨਣਾ ਹੈ ਕਿ ਜੇ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਗੇ।