ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ
10 ਜੂਨ ਨੂੰ ਹੋਵੇਗੀ ਵੋਟਿੰਗ ਤੇ ਉਸੇ ਦਿਨ ਆਉਣਗੇ ਨਤੀਜੇ
ਚੰਡੀਗੜ੍ਹ: ਪੰਜਾਬ ਚੋਣ ਕਮਿਸ਼ਨ (PEC) ਵੱਲੋਂ ਸੂਬੇ ਦੀਆਂ ਰਹਿੰਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ ਨਗਰ ਕੌਂਸਲਾਂ ਸ਼ਾਮਲ ਹਨ। ਚੋਣਾਂ ਦੇ ਨਤੀਜੇ 10 ਜੂਨ, 2026 ਨੂੰ ਐਲਾਨੇ ਜਾਣਗੇ। ਰਾਜ ਚੋਣ ਕਮਿਸ਼ਨ ਅਨੁਸਾਰ ਚੋਣ ਪ੍ਰਕਿਰਿਆ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਉਂਸਪਲ ਐਕਟ, 1911 ਦੀ ਧਾਰਾ 13-ਏ ਤਹਿਤ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਹੈ।ਚੋਣ ਸ਼ਡਿਊਲ ਮੁਤਾਬਕ ਉਮੀਦਵਾਰ 28 ਮਈ, 2026 ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਦਾਖਲ ਕੀਤੀਆਂ ਜਾਣਗੀਆਂ। ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 1 ਜੂਨ, 2026 ਨਿਰਧਾਰਤ ਕੀਤੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 3 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਚੋਣ ਕਮਿਸ਼ਨ ਦੇ ਅਨੁਸਾਰ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਵੀ ਪੋਲਿੰਗ ਖਤਮ ਹੋਣ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ ਹੀ ਸਬੰਧਤ ਨਗਰ ਕੌਂਸਲ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਜਾਰੀ ਰਹੇਗਾ।