ਮਹਾਰਾਸ਼ਟਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: 15 ਲੋਕਾਂ ਦੀ ਮੌਤ, ਕਈ ਜ਼ਿੰਦਗੀ ਲਈ ਲੜ ਰਹੇ
ਮਹਾਰਾਸ਼ਟਰ ਦੇ ਪੁਣੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇੱਕੋ ਦਿਨ ਵਿੱਚ 15 ਲੋਕਾਂ ਦੀ ਮੌਤ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ। ਇਹ ਘਟਨਾਵਾਂ ਹਡਪਸਰ, ਦਪੋਡੀ ਅਤੇ ਫੁਗੇਵਾੜੀ ਇਲਾਕਿਆਂ ਵਿੱਚ ਸਾਹਮਣੇ ਆਈਆਂ ਹਨ। ਕਈ ਹੋਰ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਕੁਝ ਮਰੀਜ਼ਾਂ ਦੀ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਆਬਕਾਰੀ ਵਿਭਾਗ ਨੇ ਯੋਗੇਸ਼ ਵਾਨਖੇੜੇ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਪੁਣੇ ਅਤੇ ਪਿੰਪਰੀ-ਚਿੰਚਵਾੜ ਖੇਤਰ ਵਿੱਚ ਗੈਰ-ਕਾਨੂੰਨੀ ਅਤੇ ਕਥਿਤ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਦਾ ਸੀ। ਘਟਨਾ ਤੋਂ ਬਾਅਦ ਉਸ ਨੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ।

ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਇਲਾਕੇ ਵਿੱਚ ਲੰਮੇ ਸਮੇਂ ਤੋਂ ਗੈਰ-ਕਾਨੂੰਨੀ ਦੇਸੀ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਸੀ, ਪਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਹੈ। ਦੂਜੇ ਪਾਸੇ, ਐਨਸੀਪੀ ਆਗੂ ਅਤੇ ਸਾਬਕਾ ਮੇਅਰ ਯੋਗੇਸ਼ ਬਹਿਲ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਰੋਹਿਤ ਪਵਾਰ ਨੇ ਵੀ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ।
ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਕੁਝ ਮੌਤਾਂ ਹੋਰ ਕਾਰਨਾਂ ਕਰਕੇ ਵੀ ਹੋ ਸਕਦੀਆਂ ਹਨ, ਪਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਸਾਰੇ ਪੀੜਤਾਂ ਨੇ ਮੌਤ ਤੋਂ ਪਹਿਲਾਂ ਚੱਕਰ ਅਤੇ ਤਬੀਅਤ ਵਿਗੜਨ ਦੀ ਸ਼ਿਕਾਇਤ ਕੀਤੀ ਸੀ। ਫਿਲਹਾਲ ਡਾਕਟਰੀ ਅਤੇ ਫੋਰੈਂਸਿਕ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।