ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ 1 ਜੂਨ ਤੋਂ 30 ਜੂਨ 2026 ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਇਹ ਫੈਸਲਾ ਵਧ ਰਹੀ ਗਰਮੀ ਅਤੇ ਹੀਟਵੇਵ ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਮੌਸਮ ਵਿਭਾਗ ਵੱਲੋਂ ਵੀ ਕਈ ਜ਼ਿਲ੍ਹਿਆਂ ਲਈ ਗਰਮੀ ਸਬੰਧੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

ਵਿਭਾਗ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣਾ ਸਭ ਤੋਂ ਵੱਡੀ ਤਰਜੀਹ ਹੈ, ਕਿਉਂਕਿ ਜੂਨ ਮਹੀਨੇ ਦੌਰਾਨ ਤਾਪਮਾਨ ਹੋਰ ਵੱਧਣ ਦੀ ਸੰਭਾਵਨਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਛੁੱਟੀਆਂ ਦੇ ਐਲਾਨ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਹੁਣ ਸਕੂਲ 1 ਜੁਲਾਈ 2026 ਤੋਂ ਮੁੜ ਖੁੱਲ੍ਹਣ ਦੀ ਸੰਭਾਵਨਾ ਹੈ।