ਜਲੰਧਰ ‘ਚ ਦਿਨ ਦਿਹਾੜੇ ਵੱਡੀ ਵਾਰਦਾਤ, RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚਹੇੜੂ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ RTI ਕਾਰਕੁਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸਿਮਰਨਜੀਤ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੰਭੀਰ ਸੱਟਾਂ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਮੁਤਾਬਕ ਪੁਲਿਸ ਨੂੰ ਕਪੂਰਥਲਾ ਕੰਟਰੋਲ ਰੂਮ ‘ਤੇ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਮੌਕੇ ਤੋਂ ਇੱਕ .32 ਬੋਰ ਪਿਸਤੌਲ ਅਤੇ 12 ਬੋਰ ਰਾਈਫਲ ਬਰਾਮਦ ਕੀਤੀ ਗਈ ਹੈ।

ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੀ CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਫਿਲਹਾਲ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਕਤਲ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।