ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ, ਗਰਮੀ ਤੋਂ ਮਿਲੀ ਰਾਹਤ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ 30 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਇਲਾਕਿਆਂ ਵਿੱਚ ਹਵਾ ਦੀ ਗਤੀ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਮਾਨਸਾ, ਫਾਜ਼ਿਲਕਾ, ਮੋਹਾਲੀ, ਹੁਸ਼ਿਆਰਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਕਰੀਬ 3.3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਦਾ ਅਸਰ ਜਾਰੀ ਹੈ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਹ ਰਾਹਤ ਜ਼ਿਆਦਾ ਸਮੇਂ ਲਈ ਨਹੀਂ ਰਹੇਗੀ। ਸਰਗਰਮ ਪੱਛਮੀ ਗੜਬੜੀ ਦਾ ਅਸਰ ਖਤਮ ਹੋਣ ਤੋਂ ਬਾਅਦ ਐਤਵਾਰ ਤੋਂ ਤਾਪਮਾਨ ਵਿੱਚ ਮੁੜ ਵਾਧਾ ਹੋ ਸਕਦਾ ਹੈ। 31 ਮਈ, 1 ਅਤੇ 2 ਜੂਨ ਲਈ ਕਿਸੇ ਖਾਸ ਚੇਤਾਵਨੀ ਦੀ ਭਵਿੱਖਬਾਣੀ ਨਹੀਂ ਕੀਤੀ ਗਈ। ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਰਹਿਣ ਅਤੇ ਤਾਪਮਾਨ ਵਧਣ ਦੀ ਸੰਭਾਵਨਾ ਹੈ।