ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ, 5 ਜੂਨ ਨੂੰ ਕੱਢਿਆ ਜਾਵੇਗਾ ਯਾਦਗਾਰੀ ਮਾਰਚ
ਅੰਮ੍ਰਿਤਸਰ : ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਸੱਦੇ ਸਬੰਧੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਦਲ ਖਾਲਸਾ ਦੇ ਆਗੂ ਕਵਰਪਾਲ ਸਿੰਘ ਬਿੱਟੂ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਮੰਡ ਨੇ 5 ਅਤੇ 6 ਜੂਨ ਨੂੰ ਹੋਣ ਵਾਲੇ ਸਮਾਗਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਆਗੂਆਂ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਕੌਮ ਦੇ ਇਤਿਹਾਸ ਦਾ ਬਹੁਤ ਹੀ ਭਾਵਨਾਤਮਕ ਅਤੇ ਅਹਿਮ ਅਧਿਆਇ ਹਨ, ਜਿਨ੍ਹਾਂ ਨੂੰ ਹਰ ਸਾਲ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਸਿੱਖ ਕੌਮ ਆਪਣੇ ਸ਼ਹੀਦਾਂ, ਜੁਝਾਰੂ ਸਿੰਘਾਂ, ਬੀਬੀਆਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕਰਦੀ ਆ ਰਹੀ ਹੈ।

ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 5 ਜੂਨ ਨੂੰ ਸ਼ਾਮ 5 ਵਜੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ਼ੁਰੂ ਹੋ ਕੇ ਰਾਮਦਾਸ ਬੱਸ ਸਟੈਂਡ ਤੱਕ ਪਹੁੰਚੇਗਾ। ਮਾਰਚ ਦੌਰਾਨ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਦਲ ਖਾਲਸਾ ਦੇ ਆਗੂਆਂ ਨੇ ਦੱਸਿਆ ਕਿ ਯੂਕੇ, ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਯੂਰਪ ਅਤੇ ਹੋਰ ਕਈ ਦੇਸ਼ਾਂ ਵਿੱਚ ਵੀ ਸਿੱਖ ਜਥੇਬੰਦੀਆਂ ਵੱਲੋਂ ਘੱਲੂਘਾਰੇ ਦੀ ਯਾਦ ਵਿੱਚ ਵੱਖ-ਵੱਖ ਸਮਾਗਮ, ਸੈਮੀਨਾਰ, ਨਗਰ ਕੀਰਤਨ ਅਤੇ ਅਰਦਾਸਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਸਿੱਖ ਕੌਮੀ ਅਤੇ ਧਾਰਮਿਕ ਤੌਰ ‘ਤੇ ਇੱਕ ਦੂਜੇ ਨਾਲ ਜੁੜੇ ਹੋਏ ਹਨ।

ਆਗੂਆਂ ਨੇ ਐਲਾਨ ਕੀਤਾ ਕਿ 6 ਜੂਨ ਨੂੰ ਅੰਮ੍ਰਿਤਸਰ ਬੰਦ ਦੀ ਕਾਲ ਇਸ ਸਾਲ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਤੋਂ ਇਹ ਬੰਦ ਦਲ ਖਾਲਸਾ ਵੱਲੋਂ ਦਿੱਤਾ ਜਾਂਦਾ ਰਿਹਾ ਹੈ ਅਤੇ ਅੰਮ੍ਰਿਤਸਰ ਦੇ ਲੋਕ ਹਰ ਵਾਰ ਇਸ ਵਿੱਚ ਸਹਿਯੋਗ ਕਰਦੇ ਆ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੰਦ ਕਿਸੇ ‘ਤੇ ਜ਼ਬਰਦਸਤੀ ਨਹੀਂ ਥੋਪਿਆ ਜਾਵੇਗਾ, ਸਗੋਂ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੰਦ ਨੂੰ ਸਫਲ ਬਣਾਉਣ ਲਈ ਸ਼ਹਿਰ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਪੋਸਟਰਾਂ ਤੇ ਫਲੈਕਸਾਂ ਰਾਹੀਂ ਲੋਕਾਂ ਨੂੰ ਬੰਦ ਦੇ ਮਕਸਦ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਹਸਪਤਾਲਾਂ, ਮੈਡੀਕਲ ਸਟੋਰਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿਕ਼ਤ ਦਾ ਸਾਹਮਣਾ ਨਾ ਕਰਨਾ ਪਵੇ। ਦਲ ਖਾਲਸਾ ਦੇ ਆਗੂਆਂ ਨੇ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਧਾਰਮਿਕ ਮਾਮਲਿਆਂ ‘ਤੇ ਕੋਈ ਵੀ ਕਾਨੂੰਨ ਥੋਪਣ ਦੀ ਕੋਸ਼ਿਸ਼ ਸਿੱਖ ਕੌਮ ਨੂੰ ਮਨਜ਼ੂਰ ਨਹੀਂ ਹੋਵੇਗੀ ਅਤੇ ਧਾਰਮਿਕ ਮਾਮਲਿਆਂ ਨਾਲ ਜੁੜੇ ਫੈਸਲਿਆਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪ੍ਰੈਸ ਕਾਨਫਰੰਸ ਦੇ ਅੰਤ ਵਿੱਚ ਆਗੂਆਂ ਨੇ ਸਿੱਖ ਕੌਮ ਅਤੇ ਅੰਮ੍ਰਿਤਸਰ ਦੇ ਲੋਕਾਂ ਨੂੰ 5 ਜੂਨ ਦੇ ਯਾਦਗਾਰੀ ਮਾਰਚ ਅਤੇ 6 ਜੂਨ ਦੇ ਬੰਦ ਵਿੱਚ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਤਿਹਾਸਕ ਯਾਦਾਂ ਨੂੰ ਤਾਜ਼ਾ ਕਰਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਹਨ।