ਮਖੂ ਬਾਜ਼ਾਰ ’ਚ ਦਿਨ-ਦਿਹਾੜੇ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ’ਚ ਫੈਲੀ ਦਹਿਸ਼ਤ
ਮਖੂ, 1 ਜੂਨ: ਮਖੂ ਦੇ ਮੁੱਖ ਬਾਜ਼ਾਰ ਵਿੱਚ ਸੋਮਵਾਰ ਦੁਪਹਿਰ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਇੱਕ ਨੌਜਵਾਨ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਵਜੋਂ ਹੋਈ ਹੈ, ਜੋ ਮਖੂ ਦੇ ਮੁੱਖ ਬਾਜ਼ਾਰ ਵਿੱਚ ਆਪਣਾ ਕਾਰੋਬਾਰ ਕਰਦਾ ਸੀ।

ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ ਕਿ ਇਸ ਦੌਰਾਨ ਕੁਝ ਹਥਿਆਰਬੰਦ ਹਮਲਾਵਰ ਉੱਥੇ ਪਹੁੰਚੇ ਅਤੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗੁਰਚਰਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਘਟਨਾ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਵਿੱਚ ਵਾਪਰੀ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਾਜ਼ਾਰ ਬੰਦ ਕਰ ਦਿੱਤਾ ਅਤੇ ਧਰਨਾ ਲਗਾ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਦੀਆਂ ਉੱਚ ਅਧਿਕਾਰੀਆਂ ਸਮੇਤ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।