ਘੱਲੂਘਾਰਾ ਜੂਨ 1984: ਸ਼ਹੀਦਾਂ ਦੀ ਯਾਦ ਵਿੱਚ 4 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 6 ਜੂਨ ਨੂੰ ਹੋਣਗੇ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ: ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਇਸ ਸਾਲ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ 4 ਜੂਨ ਤੋਂ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦੇਣ ਲਈ ਕਰਵਾਏ ਜਾਂਦੇ ਹਨ। ਭੋਗ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਵਿਸ਼ੇਸ਼ ਸੰਦੇਸ਼ ਵੀ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਮੌਜੂਦਾ ਧਾਰਮਿਕ ਅਤੇ ਪੰਥਕ ਮਸਲਿਆਂ ਸਬੰਧੀ ਵਿਚਾਰ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।

ਜ਼ਖ਼ਮੀ ਸਰੂਪ ਦੇ ਹੋਣਗੇ ਦਰਸ਼ਨ
ਮੇਜਰ ਸਿੰਘ ਨੇ ਦੱਸਿਆ ਕਿ ਇਸ ਸਾਲ ਦੇ ਸਮਾਗਮਾਂ ਦੀ ਇੱਕ ਖ਼ਾਸ ਵਿਸ਼ੇਸ਼ਤਾ ਇਹ ਹੋਵੇਗੀ ਕਿ 6 ਜੂਨ ਨੂੰ ਸੰਗਤਾਂ ਲਈ ਉਸ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾਣਗੇ, ਜੋ 1984 ਦੇ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ। ਇਹ ਦਰਸ਼ਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਅਸਥਾਨ ਵਿਖੇ ਕਰਵਾਏ ਜਾਣਗੇ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।

ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗਾ ਸਨਮਾਨ
ਸਮਾਗਮ ਦੌਰਾਨ ਦੇਸ਼, ਕੌਮ ਅਤੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਅਨੁਸਾਰ ਇਹ ਸਨਮਾਨ ਉਨ੍ਹਾਂ ਪਰਿਵਾਰਾਂ ਦੀਆਂ ਕੁਰਬਾਨੀਆਂ ਪ੍ਰਤੀ ਸਿੱਖ ਕੌਮ ਦੇ ਸਤਿਕਾਰ ਅਤੇ ਸ਼ਰਧਾ ਦਾ ਪ੍ਰਤੀਕ ਹੋਵੇਗਾ।
ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ
ਸ੍ਰੀ ਦਰਬਾਰ ਸਾਹਿਬ ਪ੍ਰਬੰਧਨ ਅਤੇ SGPC ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਪੂਰੀ ਸ਼ਾਂਤੀ, ਅਨੁਸ਼ਾਸਨ ਅਤੇ ਸਤਿਕਾਰ ਨਾਲ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ।ਪ੍ਬੰਧਕਾਂ ਨੇ ਕਿਹਾ ਕਿ ਇਹ ਦਿਨ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨ, ਸ਼ਹੀਦਾਂ ਦੇ ਸੰਘਰਸ਼ ਤੋਂ ਸੇਧ ਲੈਣ ਅਤੇ ਕੌਮ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਮੌਕਾ ਹੈ।