ਗੌਰਮਿੰਟ ਟੀਚਰਜ਼ ਯੂਨੀਅਨ ਦਾ ਸਰਕਾਰ ਖ਼ਿਲਾਫ਼ ਵੱਡਾ ਮੋਰਚਾ, ਮੰਗਾਂ ਨਾ ਮੰਨਣ ‘ਤੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਕੀਤਾ ਰੋਸ ਮਾਰਚ
ਮੁਹਾਲੀ: ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵਿਦਿਆ ਭਵਨ, ਮੁਹਾਲੀ ਵਿਖੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਦੀ ਅਗਵਾਈ ਹੇਠ ਹੋਈ ਇਸ ਰੈਲੀ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਉੱਤੇ ਵਾਰ-ਵਾਰ ਕੀਤੇ ਵਾਅਦਿਆਂ ਤੋਂ ਮੁਕਰਨ ਅਤੇ ਜਨਤਕ ਸਿੱਖਿਆ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਏ। ਰੈਲੀ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਲਈ ਕਈ ਵਾਰ ਯਤਨ ਕੀਤੇ ਗਏ, ਪਰ ਹੈਰਾਨੀ ਦੀ ਗੱਲ ਹੈ ਕਿ ਕੋਈ ਵੀ ਸਰਕਾਰੀ ਅਧਿਕਾਰੀ ਮੰਗ ਪੱਤਰ ਲੈਣ ਲਈ ਨਹੀਂ ਪਹੁੰਚਿਆ। ਇਸ ਤੋਂ ਨਾਰਾਜ਼ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ, ਜਿਸਨੂੰ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਅਧਿਆਪਕ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸਿੱਖਿਆ ਖੇਤਰ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ “ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਅਧਿਆਪਕਾਂ ਤੋਂ ਖਾਲੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਲੋਕਤੰਤਰੀ ਸੰਸਥਾਵਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ, ਟੈੱਟ ਦੀ ਬੇਲੋੜੀ ਸ਼ਰਤ ਖਤਮ ਕਰਨ, ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਤੁਰੰਤ ਕਰਨ, ਪੰਜਾਬ ਲਈ ਵੱਖਰੀ ਸਿੱਖਿਆ ਨੀਤੀ ਬਣਾਉਣ ਅਤੇ ਸਿੱਖਿਆ ਵਿਭਾਗ ਵਿੱਚ ਠੇਕਾ, ਆਊਟਸੋਰਸ ਅਤੇ ਹੋਰ ਸਕੀਮਾਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਗੈਰ-ਵਿਦਿਅਕ ਡਿਊਟੀਆਂ ਜਿਵੇਂ ਬੀਐਲਓ, ਡਰੱਗ ਸਰਵੇ, ਜਨਗਣਨਾ ਅਤੇ ਹੋਰ ਸਰਵੇਖਣਾਂ ਤੋਂ ਛੋਟ ਦੇਣ ਦੀ ਮੰਗ ਵੀ ਦੁਹਰਾਈ। ਯੂਨੀਅਨ ਨੇ ਕਿਹਾ ਕਿ ਅਧਿਆਪਕਾਂ ਦਾ ਮੁੱਖ ਕੰਮ ਸਿੱਖਿਆ ਦੇਣਾ ਹੈ ਅਤੇ ਉਨ੍ਹਾਂ ਨੂੰ ਹੋਰ ਕੰਮਾਂ ਵਿੱਚ ਨਾ ਉਲਝਾਇਆ ਜਾਵੇ।

ਡੀਏ, ਤਨਖ਼ਾਹ ਬਕਾਏ ਅਤੇ ਭੱਤਿਆਂ ਦੀ ਬਹਾਲੀ ਦੀ ਮੰਗ
ਅਧਿਆਪਕ ਆਗੂਆਂ ਨੇ 18 ਫੀਸਦੀ ਮਹਿੰਗਾਈ ਭੱਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਦੁਹਰਾਈ ਦੇ ਬਕਾਏ ਦੇਣ, ਪੇਂਡੂ ਭੱਤੇ ਸਮੇਤ ਬੰਦ ਕੀਤੇ ਗਏ 37 ਭੱਤਿਆਂ ਨੂੰ ਮੁੜ ਬਹਾਲ ਕਰਨ ਅਤੇ 4-9-14 ਏਸੀਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਈਏਐਸ, ਆਈਪੀਐਸ ਅਤੇ ਪੀਸੀਐਸ ਅਧਿਕਾਰੀਆਂ ਵਾਂਗ ਅਧਿਆਪਕਾਂ ਨੂੰ ਵੀ ਉਨ੍ਹਾਂ ਦੇ ਬਣਦੇ ਵਿੱਤੀ ਲਾਭ ਦਿੱਤੇ ਜਾਣ। ਯੂਨੀਅਨ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ, ਸਮੇਂ ਸਿਰ ਪਾਠ ਪੁਸਤਕਾਂ ਦੀ ਉਪਲਬਧਤਾ, ਖੇਡਾਂ ਲਈ ਵੱਖਰੇ ਫੰਡ ਅਤੇ ਸਕੂਲਾਂ ਵਿੱਚ ਲੋੜ ਅਨੁਸਾਰ ਅਧਿਆਪਕਾਂ ਦੀ ਭਰਤੀ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਐਮੀਨੈਂਸ ਸਕੂਲਾਂ ਵਾਂਗ ਸਹੂਲਤਾਂ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲਣੀਆਂ ਚਾਹੀਦੀਆਂ ਹਨ।ਰੋਸ ਰੈਲੀ ਨੂੰ ਬੇਰੁਜ਼ਗਾਰ ਈਟੀਟੀ ਯੂਨੀਅਨ, 4161 ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ ਹੋਰ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।