ਗੁਰਦਾਸਪੁਰ ਹਸਪਤਾਲ ਗ੍ਰਨੇਡ ਹਮਲਾ ਮਾਮਲਾ: 6 ਘੰਟਿਆਂ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਨੈੱਟਵਰਕ ਖੰਗਾਲਣ ਵਿੱਚ ਜੁਟੀ
ਗੁਰਦਾਸਪੁਰ, 3 ਜੂਨ: ਗੁਰਦਾਸਪੁਰ ਦੇ ਸਰਹੱਦੀ ਕਸਬੇ ਕਲਾਨੌਰ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਘਟਨਾ ਦੇ ਕੁਝ ਹੀ ਘੰਟਿਆਂ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਹਸਪਤਾਲ ਵਿੱਚ ਹੋਏ ਇਸ ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਧਮਾਕੇ ਕਾਰਨ ਐਮਰਜੈਂਸੀ ਵਾਰਡ ਦੇ ਸ਼ੀਸ਼ੇ ਟੁੱਟ ਗਏ ਸਨ ਅਤੇ ਹਸਪਤਾਲ ਨੂੰ ਨੁਕਸਾਨ ਪਹੁੰਚਿਆ ਸੀ। ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੇਜ਼ ਕੀਤੀ।
6 ਘੰਟਿਆਂ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਹਸਪਤਾਲ ਵਿੱਚ ਗ੍ਰਨੇਡ ਸੁੱਟਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਜਾਂਚ ਟੀਮਾਂ ਦਾ ਗਠਨ ਕਰਕੇ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ। ਐਸਐਸਪੀ ਮੁਤਾਬਕ ਪੁਲਿਸ ਨੇ ਘਟਨਾ ਤੋਂ ਕਰੀਬ ਛੇ ਘੰਟਿਆਂ ਦੇ ਅੰਦਰ ਹੀ ਮੁੱਖ ਮੁਲਜ਼ਮ ਧਰਮਿੰਦਰ ਸਿੰਘ ਉਰਫ਼ ਟਿੰਡੀ ਨੂੰ ਤਰਨ ਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਲਾਨੌਰ ਦੇ ਪਿੰਡ ਅਗਵਾਨ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋ ਚੁੱਕੇ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲੇ ਦਾ ਅਸਲ ਮਕਸਦ ਕੀ ਸੀ, ਇਸ ਦੀ ਯੋਜਨਾ ਕਿਸ ਨੇ ਬਣਾਈ ਅਤੇ ਇਸ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਸੀ।
ਵਾਇਰਲ ਪੋਸਟ ਅਤੇ ਧਮਕੀਆਂ ਦੀ ਵੀ ਜਾਂਚ
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਕੁਝ ਪੋਸਟਾਂ ਅਤੇ ਹਸਪਤਾਲ ਪ੍ਰਬੰਧਨ ਵੱਲੋਂ ਪਹਿਲਾਂ ਮਿਲੀਆਂ ਕਥਿਤ ਧਮਕੀਆਂ ਦੇ ਮਾਮਲੇ ਨੂੰ ਵੀ ਪੁਲਿਸ ਗੰਭੀਰਤਾ ਨਾਲ ਖੰਗਾਲ ਰਹੀ ਹੈ। ਐਸਐਸਪੀ ਆਦਿੱਤਿਆ ਨੇ ਕਿਹਾ ਕਿ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਸਾਜ਼ਿਸ਼ ਵਿੱਚ ਸ਼ਾਮਲ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪੂਰੇ ਨੈੱਟਵਰਕ ਤੱਕ ਪਹੁੰਚਣ ਦੀ ਕੋਸ਼ਿਸ਼
ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਹਮਲੇ ਦੇ ਪਿੱਛੇ ਮੌਜੂਦ ਸੰਭਾਵਿਤ ਨੈੱਟਵਰਕ ਦੀ ਪਛਾਣ ਕਰਨ ਲਈ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ ਦੀ ਜਾਂਚ ਕਰ ਰਹੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਹਾਲੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋ ਸਕਦੇ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਨੇਡ ਹਮਲੇ ਦੇ ਪਿੱਛੇ ਕੰਮ ਕਰ ਰਹੇ ਪੂਰੇ ਗਿਰੋਹ ਨੂੰ ਬੇਨਕਾਬ ਕਰਨ ਲਈ ਕਾਰਵਾਈ ਤੇਜ਼ੀ ਨਾਲ ਜਾਰੀ ਹੈ।