ਦਿਨ-ਦਿਹਾੜੇ ਸਕਾਰਪੀਓ ‘ਤੇ ਫਾਇਰਿੰਗ, ਪਿੰਡ ਚੂਸਲੇਵਾੜ ‘ਚ ਦਹਿਸ਼ਤ ਦਾ ਮਾਹੌਲ
ਤਰਨ ਤਾਰਨ: ਪੰਜਾਬ ਵਿੱਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਦਰਮਿਆਨ ਤਰਨ ਤਾਰਨ ਦੇ ਪੱਟੀ ਮੋੜ ਨੇੜਲੇ ਪਿੰਡ ਚੂਸਲੇਵਾੜ ਤੋਂ ਇੱਕ ਹੋਰ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਸਕਾਰਪੀਓ ਗੱਡੀ ‘ਤੇ ਗੋਲੀਆਂ ਚਲਾਉਣ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਘਟਨਾ ਸਮੇਂ ਲੋਕ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਰੁੱਝੇ ਹੋਏ ਸਨ। ਸਥਾਨਕ ਵਸਨੀਕ ਅਮਰਜੀਤ ਸਿੰਘ ਮੁਤਾਬਕ ਅਚਾਨਕ ਗੋਲੀਆਂ ਚੱਲਣ ਦੀਆਂ ਤੇਜ਼ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਜਦੋਂ ਲੋਕਾਂ ਨੇ ਬਾਹਰ ਆ ਕੇ ਦੇਖਿਆ ਤਾਂ ਘਰ ਦੇ ਬਾਹਰ ਖੜ੍ਹੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਗੋਲੀਆਂ ਨਾਲ ਨੁਕਸਾਨੀ ਗਈ ਹੋਈ ਸੀ। ਗੱਡੀ ਦੇ ਸ਼ੀਸ਼ਿਆਂ ਅਤੇ ਬਾਡੀ ‘ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਨਜ਼ਰ ਆ ਰਹੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।