ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ‘ਚ ਨਿਹੰਗ ਜਥੇਬੰਦੀਆਂ ਦਾ ਐਕਸ਼ਨ, ਪੰਜਾਬ ਬਾਰਡਰ ‘ਤੇ ਲਾਇਆ ‘ਖਾਲਸਾ ਐਂਟਰੀ ਟੈਕਸ’
ਬਿਲਾਸਪੁਰ/ਕੀਰਤਪੁਰ: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਦੇ ਵਾਹਨਾਂ ‘ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਨੇ ਹੁਣ ਨਵਾਂ ਰੂਪ ਧਾਰ ਲਿਆ ਹੈ। ਬੁੱਧਵਾਰ ਨੂੰ ਨਿਹੰਗ ਸਿੱਖ ਜਥੇਬੰਦੀਆਂ ਨੇ ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇਅ ‘ਤੇ ਪਿੰਡ ਗਰਾ ਮੋੜਾ ਨੇੜੇ ਇੱਕ ਪ੍ਰਤੀਕਾਤਮਕ ‘ਖਾਲਸਾ ਐਂਟਰੀ ਟੈਕਸ’ ਚੌਕੀ ਸਥਾਪਤ ਕਰ ਦਿੱਤੀ ਅਤੇ ਹਿਮਾਚਲ ਪ੍ਰਦੇਸ਼ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਤੋਂ ਰਕਮ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਨਿਹੰਗ ਆਗੂਆਂ ਦਾ ਕਹਿਣਾ ਹੈ ਕਿ ਇਹ ਕਦਮ ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਵਾਹਨਾਂ ‘ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਜੋਂ ਚੁੱਕਿਆ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਕੱਠੀ ਕੀਤੀ ਗਈ ਰਕਮ ਸਮਾਜਿਕ ਅਤੇ ਧਾਰਮਿਕ ਕਾਰਜਾਂ ਲਈ ਵਰਤੀ ਜਾਵੇਗੀ।

ਨਿਹੰਗ ਆਗੂ ਬਲਵੀਰ ਸਿੰਘ ਨੇ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਨਹੀਂ ਕਰਦੀ ਤਾਂ ਇਹ ਅੰਦੋਲਨ ਅਗਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ, ਪਰ ਕੋਈ ਸਕਾਰਾਤਮਕ ਜਵਾਬ ਨਾ ਮਿਲਣ ਕਾਰਨ ਇਹ ਕਦਮ ਚੁੱਕਣਾ ਪਿਆ। ਇਸ ਮਾਮਲੇ ਨੇ ਉਸ ਵੇਲੇ ਹੋਰ ਸਿਆਸੀ ਰੰਗ ਫੜ ਲਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਕਾਂਗਰਸੀ ਆਗੂ ਨੀਰਜ ਭਾਰਤੀ ਨੇ ਵੀ ਸੋਸ਼ਲ ਮੀਡੀਆ ਰਾਹੀਂ ‘ਖਾਲਸਾ ਐਂਟਰੀ ਟੈਕਸ’ ਦੇ ਸਮਰਥਨ ਵਿੱਚ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਹੋਰ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ‘ਤੇ ਐਂਟਰੀ ਟੈਕਸ ਲਗਾ ਸਕਦਾ ਹੈ ਤਾਂ ਦੂਜੇ ਰਾਜਾਂ ਨੂੰ ਵੀ ਅਜਿਹਾ ਕਰਨ ਦਾ ਹੱਕ ਹੋਣਾ ਚਾਹੀਦਾ ਹੈ।

ਨੀਰਜ ਭਾਰਤੀ ਨੇ ਇਸ ਮੌਕੇ ਇੱਕ ਹੋਰ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਡੋਪ ਟੈਸਟ ਕਰਵਾਏ ਜਾਣ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਤਾਂ ਜੋ ਰਾਜਨੀਤੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।

ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਵਿੱਚ ਚਰਚਾ ਤੇਜ਼ ਹੋ ਗਈ ਹੈ, ਜਦਕਿ ਸਰਕਾਰੀ ਪੱਧਰ ‘ਤੇ ਇਸ ਬਾਰੇ ਅਗਲੇ ਕਦਮਾਂ ‘ਤੇ ਨਜ਼ਰ ਟਿਕੀ ਹੋਈ ਹੈ।