ਗੁਰਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ, ਦੀਪਮਾਲਾ ਤੇ ਆਤਿਸ਼ਬਾਜ਼ੀ ਨੇ ਮੋਹਿਆ ਮਨ
ਅੰਮ੍ਰਿਤਸਰ : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਦਕਿ ਦਿਨ ਭਰ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਸਜਦੇ ਰਹੇ।

ਗੁਰਗੱਦੀ ਦਿਵਸ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਖੂਬਸੂਰਤ ਸਜਾਵਟ ਨਾਲ ਸਜਾਇਆ ਗਿਆ। ਸ਼ਾਮ ਸਮੇਂ ਹੋਈ ਦੀਪਮਾਲਾ ਅਤੇ ਆਤਿਸ਼ਬਾਜ਼ੀ ਨੇ ਪੂਰੇ ਪਰਿਸਰ ਨੂੰ ਅਲੌਕਿਕ ਰੂਪ ਦੇ ਦਿੱਤਾ। ਮਨਮੋਹਕ ਨਜ਼ਾਰਿਆਂ ਨੂੰ ਦੇਖ ਕੇ ਸੰਗਤਾਂ ਭਾਵੁਕ ਹੋ ਉਠੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਸ਼ਰਧਾਲੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਗੁਰੂ ਸਾਹਿਬ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਕੌਮ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਧਰਮ, ਨਿਆਂ ਤੇ ਮਨੁੱਖਤਾ ਦੀ ਰੱਖਿਆ ਦਾ ਸੰਦੇਸ਼ ਦਿੱਤਾ। ਸਵੇਰ ਤੋਂ ਹੀ ਸੰਗਤਾਂ ਦਾ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਇਸ ਮੌਕੇ ਜਲੋ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਪਰਿਵਾਰਾਂ ਸਮੇਤ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਘਰ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਅਨੰਦ ਦੀ ਪ੍ਰਾਪਤੀ ਹੋਈ।

ਸੰਗਤਾਂ ਨੇ ਦੇਸ਼ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਨੂੰ ਸਹੀ ਰਾਹ ਦਿਖਾਉਂਦੀਆਂ ਹਨ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ।