ਗੁਰੂ ਰੰਧਾਵਾ ਦੇ ਜਿੰਮ ਬਾਹਰ ਫਾਈਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ
ਨਵੀਂ ਦਿੱਲੀ, 11 ਜੂਨ: ਰਾਜਧਾਨੀ ਦਿੱਲੀ ਵਿੱਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਮਲਕੀਅਤ ਵਾਲੇ ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਹਮਲੇ ਦੀ ਜ਼ਿੰਮੇਵਾਰੀ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਕਥਿਤ ਪੋਸਟ ਅਤੇ ਆਡੀਓ ਕਲਿੱਪ ਵਿੱਚ ਗੈਂਗ ਨਾਲ ਜੁੜੇ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਗੁਰੂ ਰੰਧਾਵਾ ਦੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧ ਹਨ, ਜਿਸ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ। ਵਾਇਰਲ ਆਡੀਓ ਵਿੱਚ ਹਮਲੇ ਨੂੰ ਸਿਰਫ਼ “ਟ੍ਰੇਲਰ” ਦੱਸਿਆ ਗਿਆ ਹੈ।

ਦਿੱਲੀ ਪੁਲਿਸ ਦੇ ਅਨੁਸਾਰ, 11 ਜੂਨ 2026 ਦੀ ਸਵੇਰ ਨੂੰ ਪੁਲਿਸ ਸਟੇਸ਼ਨ ਪੱਛਮੀ ਵਿਹਾਰ ਪੂਰਬ ਨੂੰ “24 ਘੰਟੇ ਫਿਟਨੈਸ” ਜਿੰਮ, ਪੁਸ਼ਕਰ ਐਨਕਲੇਵ, ਪੱਛਮੀ ਵਿਹਾਰ ਵਿੱਚ ਗੋਲੀਬਾਰੀ ਸਬੰਧੀ ਪੀਸੀਆਰ ਕਾਲ ਪ੍ਰਾਪਤ ਹੋਈ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਅਣਪਛਾਤੇ ਵਿਅਕਤੀ, ਜਿਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ, ਮੋਟਰਸਾਈਕਲ ‘ਤੇ ਆਏ ਅਤੇ ਜਿੰਮ ਦੀਆਂ ਸ਼ੀਸ਼ੇ ਦੀਆਂ ਖਿੜਕੀਆਂ ‘ਤੇ ਕਈ ਗੋਲੀਆਂ ਚਲਾਈਆਂ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਆਪਣੇ ਕਬਜ਼ੇ ਵਿੱਚ ਲੈ ਲਏ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਹ ਹਮਲਾ ਵਾਕਈ ਕਿਸੇ ਗੈਂਗ ਵੱਲੋਂ ਕਰਵਾਇਆ ਗਿਆ ਹੈ ਜਾਂ ਫਿਰ ਕਿਸੇ ਨੇ ਦਹਿਸ਼ਤ ਫੈਲਾਉਣ ਲਈ ਗੈਂਗ ਦੇ ਨਾਮ ਦੀ ਵਰਤੋਂ ਕੀਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਵਾਇਰਲ ਆਡੀਓ ਕਲਿੱਪ ਅਤੇ ਸੋਸ਼ਲ ਮੀਡੀਆ ਪੋਸਟਾਂ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਢੁਕਵੀਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਹਮਲਾਵਰਾਂ ਤੱਕ ਪਹੁੰਚਣ ਦਾ ਦਾਅਵਾ ਕਰ ਰਹੀ ਹੈ।