ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਜ਼ਿਸ਼ ਬੇਨਕਾਬ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਉੱਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਇਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਦਸੰਬਰ 2021 ਵਿੱਚ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਇਸੇ ਤਰ੍ਹਾਂ ਦੀ ਘਟਨਾ ਦੇ ਦੋਸ਼ੀਆਂ ਦੀ ਪੂਰੀ ਪਛਾਣ ਅਤੇ ਸਾਜ਼ਿਸ਼ ਦਾ ਖੁਲਾਸਾ ਅੱਜ ਤੱਕ ਨਹੀਂ ਹੋ ਸਕਿਆ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ ਅਤੇ ਸੰਗਤ ਗੁਰਬਾਣੀ ਸਰਵਣ ਕਰ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਅਚਾਨਕ ਦਰਬਾਰ ਸਾਹਿਬ ਅੰਦਰ ਦਾਖ਼ਲ ਹੋ ਕੇ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਕੋਈ ਹੋਰ ਹਰਕਤ ਕਰਦਾ, ਮੌਕੇ ‘ਤੇ ਮੌਜੂਦ ਸਤਰਕ ਸੇਵਾਦਾਰ ਸਿੱਖਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਸ਼ੀ ਕੋਲੋਂ ਕੋਈ ਪਛਾਣ ਪੱਤਰ ਜਾਂ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਛਾਣ ਸਪਸ਼ਟ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਹ ਤੱਥ ਆਪਣੇ ਆਪ ਵਿੱਚ ਕਈ ਸਵਾਲ ਖੜ੍ਹੇ ਕਰਦਾ ਹੈ ਅਤੇ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਰਦਾਫਾਸ਼ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਮੂਹ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਉੱਤੇ ਤੁਰੰਤ ਨਜ਼ਰ ਰੱਖੀ ਜਾਵੇ। ਉਨ੍ਹਾਂ ਦੋਸ਼ੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਅਤੇ ਸੇਵਾ ਭਾਵਨਾ ਦੀ ਵੀ ਸ਼ਲਾਘਾ ਕੀਤੀ।