ਕਾਕਰੋਚ ਜਨਤਾ ਪਾਰਟੀ ਦਾ ਪੰਜਾਬ ਵਿੱਚ ਦਾਖਲਾ, ਅੰਮ੍ਰਿਤਸਰ ਵਿੱਚ ਨੌਜਵਾਨਾਂ ਦੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ
ਦਿੱਲੀ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਹੁਣ ਕਾਕਰੋਚ ਜਨਤਾ ਪਾਰਟੀ (CJP) ਨੇ ਪੰਜਾਬ ਵਿੱਚ ਆਪਣੀ ਸਰਗਰਮੀ ਵਧਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ 13 ਜੂਨ ਨੂੰ ਅੰਮ੍ਰਿਤਸਰ ਵਿੱਚ ਵੱਡੇ ਪੱਧਰ ’ਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।ਸੋਸ਼ਲ ਮੀਡੀਆ ਰਾਹੀਂ ਜਾਰੀ ਸੰਦੇਸ਼ ਵਿੱਚ ਅਭਿਜੀਤ ਦੀਪਕੇ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਵਿੱਚ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨੀਟ ਅਤੇ ਸੀਬੀਐਸਈ ਨਾਲ ਜੁੜੇ ਵਿਦਿਆਰਥੀਆਂ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਵੀ ਦੁਹਰਾਇਆ।
ਦੱਸਣਯੋਗ ਹੈ ਕਿ 6 ਜੂਨ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਨੀਟ ਪੇਪਰ ਲੀਕ ਮਾਮਲੇ ਸਬੰਧੀ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਉਠਾਈ ਗਈ। ਕਾਕਰੋਚ ਜਨਤਾ ਪਾਰਟੀ ਦੀ ਸ਼ੁਰੂਆਤ ਸੋਸ਼ਲ ਮੀਡੀਆ ’ਤੇ ਇੱਕ ਵਿਅੰਗਮਈ ਮੁਹਿੰਮ ਵਜੋਂ ਹੋਈ ਸੀ, ਜੋ ਬਾਅਦ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ, ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਵਾਲੇ ਪਲੇਟਫਾਰਮ ਵਿੱਚ ਬਦਲ ਗਈ। ਥੋੜ੍ਹੇ ਸਮੇਂ ਵਿੱਚ ਹੀ ਇਸ ਮੁਹਿੰਮ ਨੂੰ ਸੋਸ਼ਲ ਮੀਡੀਆ ’ਤੇ ਵੱਡਾ ਸਮਰਥਨ ਮਿਲਿਆ ਹੈ।

ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਮਹਾਰਾਸ਼ਟਰ ਨਾਲ ਸਬੰਧਤ ਹਨ ਅਤੇ ਉਹ ਪਹਿਲਾਂ ਡਿਜੀਟਲ ਰਾਜਨੀਤਿਕ ਮੁਹਿੰਮਾਂ ਨਾਲ ਜੁੜੇ ਰਹਿ ਚੁੱਕੇ ਹਨ। ਉਹ ਸਿੱਖਿਆ, ਬੇਰੁਜ਼ਗਾਰੀ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਂਦੇ ਰਹੇ ਹਨ। ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਨੌਜਵਾਨਾਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ, ਜਦਕਿ ਇਹ ਵੀ ਵੇਖਣਾ ਦਿਲਚਸਪ ਹੋਵੇਗਾ ਕਿ ਪੰਜਾਬ ਵਿੱਚ ਕਾਕਰੋਚ ਜਨਤਾ ਪਾਰਟੀ ਨੂੰ ਕਿੰਨਾ ਜਨ ਸਮਰਥਨ ਮਿਲਦਾ ਹੈ।