ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਅੰਮ੍ਰਿਤਸਰ ਦੌਰਾ: “ਅਗਲਾ CM ਭਗਵੰਤ ਮਾਨ ਨਹੀਂ ਹੋਵੇਗਾ” – ਵਿਰੋਧੀਆਂ ‘ਤੇ ਤਿੱਖੇ ਹਮਲੇ
ਅੰਮ੍ਰਿਤਸਰ, 13 ਜੂਨ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਅੰਮ੍ਰਿਤਸਰ ਦੇ ਦੌਰੇ ਦੌਰਾਨ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੀਆਂ ਪਿਛਲੇ 12 ਸਾਲਾਂ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਵਿਕਾਸ, ਗਰੀਬੀ ਹਟਾਉਣ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਬਦਲਾਅ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਯੋਜਨਾਵਾਂ ਰਾਹੀਂ ਕਰੋੜਾਂ ਲੋਕਾਂ ਨੂੰ ਰਿਹਾਇਸ਼, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਰਾਜਨੀਤਿਕ ਦ੍ਰਿਸ਼ ਨੂੰ ਬਦਲਿਆ ਹੈ ਅਤੇ ਲੋਕਾਂ ਦਾ ਰਾਜਨੀਤਿਕ ਲੀਡਰਸ਼ਿਪ ‘ਤੇ ਭਰੋਸਾ ਵਧਾਇਆ ਹੈ। ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਅਤੇ ਰਾਸ਼ਟਰੀ ਸੁਰੱਖਿਆ ਨੂੰ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਵਿੱਚ ਸ਼ਾਮਲ ਕੀਤਾ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਚਿਹਰੇ ‘ਤੇ ਟਿੱਪਣੀ ਕਰਦਿਆਂ ਖੱਟਰ ਨੇ ਕਿਹਾ ਕਿ “ਅਗਲਾ ਮੁੱਖ ਮੰਤਰੀ ਕੋਈ ਵੀ ਹੋ ਸਕਦਾ ਹੈ, ਪਰ ਭਗਵੰਤ ਮਾਨ ਨਹੀਂ ਹੋਵੇਗਾ।” ਉਨ੍ਹਾਂ ਦੇ ਇਸ ਬਿਆਨ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ।

ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਸਮੇਂ ਅਤੇ ਸਥਿਤੀ ਦੇ ਅਨੁਸਾਰ ਲਏ ਜਾਂਦੇ ਹਨ ਅਤੇ ਭਵਿੱਖ ਵਿੱਚ ਹਾਲਾਤਾਂ ਨੂੰ ਦੇਖਦੇ ਹੋਏ ਹੀ ਕੋਈ ਫੈਸਲਾ ਹੋ ਸਕਦਾ ਹੈ। ਪੰਜਾਬ ਵਿੱਚ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਆਉਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦੇ ਨਹੀਂ ਹਨ, ਇਸ ਲਈ ਉਹ ਬੇਬੁਨਿਆਦ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਤਾ ਹੁਣ ਸੂਝਵਾਨ ਹੈ ਅਤੇ ਅਸਲ ਕੰਮ ਦੇ ਆਧਾਰ ‘ਤੇ ਫੈਸਲੇ ਕਰਦੀ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ “ਸੇਵਾ, ਵਿਕਾਸ ਅਤੇ ਸਵੈ-ਨਿਰਭਰ ਭਾਰਤ” ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ।