“ਮੈਂ SIT ਸਾਹਮਣੇ ਪੇਸ਼ ਨਹੀਂ ਹੋਇਆ, SIT ਮੇਰੇ ਘਰ ਆਈ ਸੀ” -ਗਿਆਨੀ ਰਘਬੀਰ ਸਿੰਘ ਦਾ ਸਪੱਸ਼ਟੀਕਰਨ, ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਦਿੱਤਾ ਜਵਾਬ
ਅੰਮ੍ਰਿਤਸਰ, 14 ਜੂਨ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਅਤੇ ਕੁਝ ਮੀਡੀਆ ਰਿਪੋਰਟਾਂ ਵਿੱਚ ਚੱਲ ਰਹੇ ਦਾਵਿਆਂ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਵਿਸ਼ੇਸ਼ ਜਾਂਚ ਟੀਮ (SIT) ਦੇ ਦਫ਼ਤਰ ਵਿੱਚ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ SIT ਦੇ ਮੈਂਬਰ ਪਹਿਲਾਂ ਸਮਾਂ ਲੈ ਕੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਆਏ ਸਨ ਅਤੇ ਉਥੇ ਹੀ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਸੀ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ SIT ਵੱਲੋਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਕਾਰਵਾਈ ਸਬੰਧੀ ਜਾਣਕਾਰੀ ਲਈ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ SIT ਅੱਗੇ ਪੇਸ਼ ਹੋਏ ਹਨ, ਜੋ ਕਿ ਪੂਰੀ ਤਰ੍ਹਾਂ ਗਲਤ ਅਤੇ ਭਰਮ ਪੈਦਾ ਕਰਨ ਵਾਲਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ 328 ਪਾਵਨ ਸਰੂਪਾਂ ਦੇ ਮਾਮਲੇ ਜਾਂ ਕਿਸੇ ਹੋਰ ਸੰਵੇਦਨਸ਼ੀਲ ਵਿਸ਼ੇ ਬਾਰੇ ਕੋਈ ਸਵਾਲ ਨਹੀਂ ਪੁੱਛਿਆ ਗਿਆ। SIT ਨੇ ਸਿਰਫ਼ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਪੁੱਛੇ ਗਏ ਸਵਾਲਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬਾਂ ਸਬੰਧੀ ਜਾਣਕਾਰੀ ਹਾਸਲ ਕੀਤੀ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਦੀ ਪੂਰੀ ਕਾਰਵਾਈ ਖੁੱਲ੍ਹੇ ਤੌਰ ‘ਤੇ ਹੋਈ ਸੀ, ਜਿਸ ਨੂੰ ਟੈਲੀਵਿਜ਼ਨ ਚੈਨਲਾਂ, ਪ੍ਰਿੰਟ ਮੀਡੀਆ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਨੇ ਲਾਈਵ ਦੇਖਿਆ ਅਤੇ ਸੁਣਿਆ ਸੀ। ਇਸ ਲਈ ਉਸ ਕਾਰਵਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਸਪਸ਼ਟਤਾ ਦੀ ਕੋਈ ਗੁੰਜਾਇਸ਼ ਨਹੀਂ ਬਣਦੀ।

ਇਸ ਮੌਕੇ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖੁਦ ਵੀ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ SIT ਅੱਗੇ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ, ਇਸ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਹੈਰਾਨੀਜਨਕ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਧਾਰਮਿਕ ਅਹੁਦਿਆਂ ਦੀ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਆਪਣੀ ਗੱਲ ਧਰਮ ਦੀ ਮਰਿਆਦਾ ਅਤੇ ਸਿਧਾਂਤਾਂ ਅਨੁਸਾਰ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਰਮ ਅਤੇ ਸਿਆਸਤ ਵਿਚਕਾਰ ਸੰਤੁਲਨ ਬਣਾਈ ਰੱਖਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ, “ਗੁਰੂ ਦੇ ਦਰ ‘ਤੇ ਜੋ ਵੀ ਕਿਹਾ ਜਾਵੇ, ਉਹ ਸੱਚ ਕਿਹਾ ਜਾਵੇ। ਧਰਮ ਤੋਂ ਸੇਧ ਲੈ ਕੇ ਹੀ ਸਿਆਸਤ ਹੋਣੀ ਚਾਹੀਦੀ ਹੈ।” ਗਿਆਨੀ ਰਘਬੀਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਸਿੱਖ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।