“ਅੰਮ੍ਰਿਤਪਾਲ ਸਿੰਘ ਹੋਣਗੇ ਮੁੱਖ ਮੰਤਰੀ ਚਿਹਰਾ” -ਮਨਪ੍ਰੀਤ ਸਿੰਘ ਇਆਲੀ
ਲੁਧਿਆਣਾ, ਪਾਇਲ: ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਇਲ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਕਰੀਬ 12 ਕਿਲੋਮੀਟਰ ਲੰਬੇ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਪਾਰਟੀ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਮਾਰਚ ਦੌਰਾਨ ਪਾਰਟੀ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।

ਰੋਸ ਮਾਰਚ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਿਆਨ ਨੇ ਸਭ ਤੋਂ ਵੱਧ ਚਰਚਾ ਖੱਟੀ। ਉਨ੍ਹਾਂ ਕਿਹਾ ਕਿ ਉਹ ਪੰਥ ਨੂੰ ਸਮਰਪਿਤ ਹਨ ਅਤੇ ਉਨ੍ਹਾਂ ਨੂੰ ਕਿਸੇ ਅਹੁਦੇ ਜਾਂ ਪ੍ਰਧਾਨਗੀ ਦੀ ਲੋੜ ਨਹੀਂ ਹੈ। ਇਆਲੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਲਈ ਮੁੱਖ ਮੰਤਰੀ ਚਿਹਰਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਇੱਕ ਹਿੰਦੂ ਅਤੇ ਇੱਕ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ, ਤਾਂ ਜੋ ਹਰ ਵਰਗ ਦੀ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਾਰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਹੱਕਾਂ ਲਈ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਇਨਸਾਫ਼ ਮਿਲਣ ਤੱਕ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨਾਲ ਹਰ ਖੇਤਰ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਮੋਰਚਾ ਸ਼ੁਰੂ ਹੁੰਦਾ ਹੈ ਤਾਂ ਉਸ ਦੀ ਅਗਵਾਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਬੰਧੀ ਤਰਸੇਮ ਸਿੰਘ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਰਿਹਾਅ ਕਰਵਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਰੁਕਾਵਟਾਂ ਪਾਈਆਂ ਗਈਆਂ ਤਾਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪਾਰਟੀ ਆਗੂ ਸੰਦੀਪ ਰੁਪਾਲੋਂ ਨੇ ਦੱਸਿਆ ਕਿ ਪਾਇਲ ਵਿੱਚ ਕੱਢੇ ਗਏ 12 ਕਿਲੋਮੀਟਰ ਲੰਬੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਬੰਦੀ ਸਿੰਘਾਂ ਅਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ।