ਚੰਡੀਗੜ੍ਹ ਦੇ ਮੌਲੀਜਾਗਰਾਂ ਵਿੱਚ ਖੂਨੀ ਵਾਰਦਾਤ, 10 ਤੋਂ ਵੱਧ ਹਮਲਾਵਰਾਂ ਵੱਲੋਂ ਨੌਜਵਾਨ ਦਾ ਕਤਲ, ਇੱਕ ਗੰਭੀਰ ਜ਼ਖ਼ਮੀ
ਚੰਡੀਗੜ੍ਹ (ਮੌਲੀਜਾਗਰਾਂ): ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅਪਰਾਧ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਮੌਲੀਜਾਗਰਾਂ ਦੇ ਵਿਕਾਸ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਐਤਵਾਰ ਰਾਤ ਨੂੰ 10 ਤੋਂ ਵੱਧ ਹਮਲਾਵਰਾਂ ਨੇ ਦੋ ਨੌਜਵਾਨਾਂ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਮ੍ਰਿਤਕ ਦੀ ਪਛਾਣ ਤੋਤਾਰਾਮ (25) ਵਾਸੀ ਮੌਲੀਜਾਗਰਾਂ ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਆਕਾਸ਼ ਉਰਫ਼ ਬਿੱਲੋ (22) ਨੂੰ ਗੰਭੀਰ ਹਾਲਤ ਵਿੱਚ ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਪੁਲਿਸ ਨੇ ਮੌਲੀਜਾਗਰਾਂ ਥਾਣੇ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਕਰੀਬ 9:30 ਵਜੇ ਵਾਪਰੀ। ਤੋਤਾਰਾਮ ਅਤੇ ਆਕਾਸ਼ ਆਪਣੇ ਕੁਝ ਦੋਸਤਾਂ ਨਾਲ ਕਮਿਊਨਿਟੀ ਸੈਂਟਰ ਨੇੜੇ ਮਸਜਿਦ ਵਾਲੀ ਗਲੀ ਵਿੱਚ ਖੜ੍ਹੇ ਸਨ, ਜਦੋਂ ਅਚਾਨਕ 10 ਤੋਂ ਵੱਧ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੀਸੀਟੀਵੀ ਫੁਟੇਜ ਵਿੱਚ ਹਮਲਾਵਰਾਂ ਨੂੰ ਨੌਜਵਾਨਾਂ ਦਾ ਪਿੱਛਾ ਕਰਦੇ ਅਤੇ ਬੇਰਹਿਮੀ ਨਾਲ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਤੋਤਾਰਾਮ ਭੱਜਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਹਮਲਾਵਰਾਂ ਨੇ ਉਸ ਨੂੰ ਫੜ ਕੇ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਮੁਤਾਬਕ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਸੂਤਰਾਂ ਅਨੁਸਾਰ ਮ੍ਰਿਤਕ ਤੋਤਾਰਾਮ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ ਅਤੇ ਉਹ ਲਗਭਗ ਇੱਕ ਮਹੀਨਾ ਪਹਿਲਾਂ ਅੰਬਾਲਾ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਜਸਕਰਨ ਸਿੰਘ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਹਸਪਤਾਲ ਵਿੱਚ ਜ਼ਖ਼ਮੀਆਂ ਦੀ ਹਾਲਤ ਦਾ ਜਾਇਜ਼ਾ ਲਿਆ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਮੌਲੀਜਾਗਰਾਂ ਅਤੇ ਰਾਜੀਵ ਕਲੋਨੀ ਨਾਲ ਸੰਬੰਧਤ ਹੋ ਸਕਦੇ ਹਨ। ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਵਧ ਰਹੀਆਂ ਅਪਰਾਧਕ ਘਟਨਾਵਾਂ ‘ਤੇ ਚਿੰਤਾ ਜਤਾਈ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।