ਕਥਿਤ ਵੀਡੀਓ ਮਾਮਲੇ ‘ਤੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, CM ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਕਰਾਰ; AAP ਨੇ ਕੀਤਾ ਤਿੱਖਾ ਵਿਰੋਧ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਦੇ ਮਾਮਲੇ ‘ਤੇ ਅਹਿਮ ਫੈਸਲਾ ਸੁਣਾਇਆ ਗਿਆ। ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਇਕੱਤਰਤਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ 15 ਜਨਵਰੀ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਤਲਬ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਤੋਂ ਗੋਲਕਾਂ ਸਬੰਧੀ ਦਿੱਤੇ ਬਿਆਨਾਂ ਅਤੇ ਕਥਿਤ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਉਸ ਵੇਲੇ ਵੀਡੀਓ ਨੂੰ ਨਕਲੀ ਅਤੇ AI ਰਾਹੀਂ ਤਿਆਰ ਕੀਤੀ ਹੋਈ ਦੱਸਿਆ ਸੀ ਅਤੇ ਜਾਂਚ ਕਰਵਾਉਣ ਦੀ ਗੱਲ ਕਹੀ ਸੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਕੱਤਰਤਾ ਦੌਰਾਨ ਮਾਮਲੇ ‘ਤੇ ਵਿਸਥਾਰ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਮਤ ਪ੍ਰਗਟ ਕੀਤਾ ਗਿਆ ਕਿ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੱਚ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਇਸ ਅਧਾਰ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਨੇ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਹੈ।

ਜਥੇਦਾਰ ਨੇ ਕਿਹਾ ਕਿ ਵੀਡੀਓ ਸਬੰਧੀ ਕੁਝ ਲੈਬ ਰਿਪੋਰਟਾਂ ਦੇ ਆਧਾਰ ‘ਤੇ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਉਨ੍ਹਾਂ ਲੈਬਾਂ ਦੇ ਨਾਮ ਜਨਤਕ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਰਿਪੋਰਟ ਨੂੰ ਚੁਣੌਤੀ ਦਿੰਦੀ ਹੈ ਤਾਂ ਲੋੜ ਪੈਣ ‘ਤੇ ਅਦਾਲਤ ਵਿੱਚ ਲੈਬਾਂ ਦੀ ਜਾਣਕਾਰੀ ਅਤੇ ਸੰਬੰਧਤ ਸਬੂਤ ਪੇਸ਼ ਕੀਤੇ ਜਾਣਗੇ।
AAP ਦਾ ਜਵਾਬ: “ਵੀਡੀਓ ਵਿੱਚ ਵਿਅਕਤੀ ਦੀ ਪਛਾਣ ਸਾਬਤ ਨਹੀਂ”
ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਲੈਬ ਰਿਪੋਰਟ ਵਿੱਚ ਕੇਵਲ ਵੀਡੀਓ ਦੇ ਅਸਲੀ ਹੋਣ ਦੀ ਗੱਲ ਕੀਤੀ ਗਈ ਹੈ, ਪਰ ਇਹ ਕਿਤੇ ਵੀ ਸਾਬਤ ਨਹੀਂ ਹੁੰਦਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਜਲਦ ਹੀ ਇਸ ਮਾਮਲੇ ‘ਤੇ ਤੱਥ ਲੋਕਾਂ ਸਾਹਮਣੇ ਰੱਖੇਗੀ।ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਕੁਝ ਧਿਰਾਂ ਸਿਆਸੀ ਮਕਸਦਾਂ ਲਈ ਇਸ ਮਾਮਲੇ ਨੂੰ ਉਭਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ ਅਤੇ ਸਰਕਾਰ ਦੇ ਕੰਮਕਾਜ ਤੋਂ ਵਿਰੋਧੀ ਧਿਰਾਂ ਬੇਚੈਨ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ‘ਤੇ ਸਿਆਸੀ ਪੱਖ ਲੈਣ ਦੇ ਦੋਸ਼ ਲੱਗ ਰਹੇ ਹਨ।
ਕਾਂਗਰਸ ਅਤੇ ਅਕਾਲੀ ਦਲ ਦੀ ਪ੍ਰਤੀਕਿਰਿਆ
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਟਿੱਪਣੀ ਕਰਦਿਆਂ ਲਿਖਿਆ ਕਿ ਜੇਕਰ ਵੀਡੀਓ ਅਸਲੀ ਹੈ ਤਾਂ ਅਗਲੀ ਕਾਰਵਾਈ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਪੰਥ ਵੱਲੋਂ ਜਾਰੀ ਹਰ ਹੁਕਮਨਾਮੇ ‘ਤੇ ਪੂਰੀ ਤਨਦੇਹੀ ਨਾਲ ਪਹਿਰਾ ਦੇਵੇਗੀ ਅਤੇ ਕਥਿਤ ਬੇਅਦਬੀ ਦੀ ਸਖ਼ਤ ਨਿਖੇਧੀ ਕਰਦੀ ਹੈ।