ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਮੁੜ ਪਟੜੀ ‘ਤੇ!
ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਮੁੜ ਪਟੜੀ ‘ਤੇ! ਬਟਾਲਾ-ਗੁਰਦਾਸਪੁਰ ਨੂੰ ਮਿਲੀ ਸਿੱਧੀ ਕਨੈਕਟੀਵਿਟੀ, ਰਵਨੀਤ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ‘ਤੇ ਵੀ ਦਿੱਤਾ ਵੱਡਾ ਬਿਆਨ।
ਅੰਮ੍ਰਿਤਸਰ: ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਾਲੇ ਧਾਰਮਿਕ ਅਤੇ ਸੈਰ-ਸਪਾਟਾ ਸੰਪਰਕ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸੇਵਾ ਦੇਸ਼ ਦੇ ਦੋ ਪ੍ਰਮੁੱਖ ਧਾਰਮਿਕ ਸਥਾਨਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਧਾਮ ਕਟੜਾ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਕਰੇਗੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਵੰਦੇ ਭਾਰਤ ਐਕਸਪ੍ਰੈਸ ਹਫ਼ਤੇ ਵਿੱਚ ਛੇ ਦਿਨ ਚੱਲੇਗੀ ਅਤੇ ਸ਼ਨੀਵਾਰ ਨੂੰ ਇਸ ਦੀ ਸੇਵਾ ਉਪਲਬਧ ਨਹੀਂ ਹੋਵੇਗੀ। ਨਵੇਂ ਸੋਧੇ ਗਏ ਰੂਟ ਤਹਿਤ ਟ੍ਰੇਨ ਹੁਣ ਬਟਾਲਾ ਅਤੇ ਗੁਰਦਾਸਪੁਰ ਰਾਹੀਂ ਕਟੜਾ ਪਹੁੰਚੇਗੀ, ਜਿਸ ਨਾਲ ਇਨ੍ਹਾਂ ਖੇਤਰਾਂ ਨੂੰ ਪਹਿਲੀ ਵਾਰ ਵੰਦੇ ਭਾਰਤ ਦੀ ਸਿੱਧੀ ਕਨੈਕਟੀਵਿਟੀ ਮਿਲੇਗੀ। ਰੂਟ ਵਿੱਚ ਤਬਦੀਲੀ ਕਾਰਨ ਯਾਤਰਾ ਦੀ ਦੂਰੀ 84 ਕਿਲੋਮੀਟਰ ਘੱਟ ਹੋਈ ਹੈ ਅਤੇ ਯਾਤਰੀਆਂ ਦੇ ਕਰੀਬ 40 ਮਿੰਟ ਦੀ ਬਚਤ ਹੋਵੇਗੀ। ਟ੍ਰੇਨ ਲਗਭਗ 283 ਕਿਲੋਮੀਟਰ ਦਾ ਸਫ਼ਰ ਕਰੀਬ ਪੰਜ ਘੰਟਿਆਂ ਵਿੱਚ ਤੈਅ ਕਰੇਗੀ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵੰਦੇ ਭਾਰਤ ਐਕਸਪ੍ਰੈਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਏਸੀ ਚੇਅਰ ਕਾਰ, ਐਗਜ਼ੀਕਿਊਟਿਵ ਕੋਚ, ਉੱਚ ਪੱਧਰੀ ਸੁਰੱਖਿਆ ਪ੍ਰਬੰਧ, ਸੀਸੀਟੀਵੀ ਨਿਗਰਾਨੀ ਅਤੇ ਆਧੁਨਿਕ ਤਕਨੀਕ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਲਵੇ ਦੇ 26 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ‘ਤੇ ਕੰਮ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਰਿਦੁਆਰ, ਚੰਡੀਗੜ੍ਹ ਅਤੇ ਹੋਰ ਖੇਤਰਾਂ ਲਈ ਨਵੀਆਂ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਤੋਂ ਸਿੱਧੀ ਸ੍ਰੀਨਗਰ ਰੇਲ ਸੇਵਾ ਸ਼ੁਰੂ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉੱਤਰੀ ਭਾਰਤ ਵਿੱਚ ਰੇਲ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਾਲੀਆ ਫ਼ੈਸਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਰਿਪੋਰਟ ਜਾਂ ਫ਼ੈਸਲੇ ‘ਤੇ ਇਤਰਾਜ਼ ਸੀ ਤਾਂ ਉਸ ਨੂੰ ਸਮੇਂ ਸਿਰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਧਾਰਮਿਕ ਹੁਕਮਾਂ ਦਾ ਸਤਿਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਜਨਤਕ ਅਤੇ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਗਲਤੀ ਹੋਣ ‘ਤੇ ਉਸਨੂੰ ਸਵੀਕਾਰ ਕਰਨਾ ਵੱਡੇਪਣ ਦੀ ਨਿਸ਼ਾਨੀ ਹੁੰਦੀ ਹੈ।

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਬਿੱਟੂ ਨੇ ਕਿਹਾ ਕਿ ਪਾਰਟੀ ਅੰਦਰ ਲੀਡਰਸ਼ਿਪ ਨੂੰ ਲੈ ਕੇ ਖਿੱਚੋਤਾਣ ਜਾਰੀ ਹੈ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੇ ਸਮੇਂ ਦੌਰਾਨ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੀ ਤੈਅ ਕਰੇਗੀ ਕਿ ਭਵਿੱਖ ਵਿੱਚ ਕਿਸ ਪਾਰਟੀ ਨੂੰ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉੱਧਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਵੰਦੇ ਭਾਰਤ ਐਕਸਪ੍ਰੈਸ ਦੇ ਪਹੁੰਚਣ ‘ਤੇ ਭਾਜਪਾ ਆਗੂਆਂ, ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨਵੇਂ ਰੂਟ ਨਾਲ ਖੇਤਰ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਹ ਸੇਵਾ ਧਾਰਮਿਕ ਸੈਰ-ਸਪਾਟੇ ਅਤੇ ਖੇਤਰੀ ਵਿਕਾਸ ਲਈ ਮਹੱਤਵਪੂਰਨ ਸਾਬਤ ਹੋਵੇਗੀ। ਲੋਕੋ ਪਾਇਲਟ ਬਲਰਾਜ ਪਾਲ ਸਿੰਘ ਨੇ ਦੱਸਿਆ ਕਿ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ ਪੁਲਾਂ ਕਰਕੇ ਇਹ ਸੇਵਾ ਪਿਛਲੇ ਕਈ ਮਹੀਨਿਆਂ ਤੋਂ ਬੰਦ ਸੀ। ਹੁਣ ਮੁੜ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।





