ਮਹਿਲਾ ਸਰਕਾਰੀ ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਹੁਣ ਘਰ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੋਵੇਗੀ ਤਾਇਨਾਤੀ, ਹਜ਼ਾਰਾਂ ਕਰਮਚਾਰੀਆਂ ਨੂੰ ਮਿਲੇਗੀ ਰਾਹਤ।
ਮੋਹਾਲੀ: ਪੰਜਾਬ ਸਰਕਾਰ ਨੇ ਸੂਬੇ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਅਹਿਮ ਫ਼ੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗਰੁੱਪ ‘ਸੀ’ ਅਤੇ ‘ਡੀ’ ਸ਼੍ਰੇਣੀ ਨਾਲ ਸਬੰਧਤ ਮਹਿਲਾ ਕਰਮਚਾਰੀਆਂ ਨੂੰ ਪਰਖਕਾਲ (ਪ੍ਰੋਬੇਸ਼ਨ ਪੀਰੀਅਡ) ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਮਕਸਦ ਮਹਿਲਾ ਕਰਮਚਾਰੀਆਂ ਦੇ ਪਰਿਵਾਰਕ ਜੀਵਨ ਅਤੇ ਨੌਕਰੀ ਦਰਮਿਆਨ ਬਿਹਤਰ ਸੰਤੁਲਨ ਬਣਾਉਣਾ ਹੈ। ਇਸ ਫ਼ੈਸਲੇ ਨਾਲ ਸਟਾਫ ਨਰਸਾਂ, ਅਧਿਆਪਕਾਵਾਂ, ਮਹਿਲਾ ਪੁਲਿਸ ਕਰਮਚਾਰੀਆਂ ਅਤੇ ਹੋਰ ਯੋਗ ਮਹਿਲਾ ਕਰਮਚਾਰੀਆਂ ਸਮੇਤ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।

ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਨੀਤੀ ਨੂੰ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦਾ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਮਹਿਲਾ ਕਰਮਚਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਤਾਇਨਾਤੀ ਘਰ ਤੋਂ 150 ਤੋਂ 200 ਕਿਲੋਮੀਟਰ ਦੂਰ ਹੈ, ਜਿਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਇੱਕ ਜਾਂ ਦੋ ਵਾਰ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਮਹਿਲਾ ਕਰਮਚਾਰੀਆਂ ਨੂੰ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਵਿੱਚੋਂ ਕਿਸੇ ਇੱਕ ਪਤੇ ਨੂੰ ਤਰਜੀਹ ਵਜੋਂ ਦਰਜ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਘਰ ਦੇ ਨੇੜੇ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਉਹ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰ ਤੱਕ ਪਹੁੰਚ ਸਕਣ।
ਉਨ੍ਹਾਂ ਸਪੱਸ਼ਟ ਕੀਤਾ ਕਿ 40 ਕਿਲੋਮੀਟਰ ਸਿਰਫ਼ ਵੱਧ ਤੋਂ ਵੱਧ ਸੀਮਾ ਹੈ ਅਤੇ ਸੰਭਵ ਹੋਣ ‘ਤੇ ਤਾਇਨਾਤੀ 15 ਜਾਂ 20 ਕਿਲੋਮੀਟਰ ਦੇ ਦਾਇਰੇ ਅੰਦਰ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇੱਕ ਖੁਸ਼ ਅਤੇ ਸੰਤੁਸ਼ਟ ਕਰਮਚਾਰੀ ਹੀ ਆਪਣੀ ਡਿਊਟੀ ਨੂੰ ਹੋਰ ਵਧੀਆ ਢੰਗ ਨਾਲ ਨਿਭਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਦੀ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲੋਕ-ਪੱਖੀ ਫ਼ੈਸਲੇ ਲੈਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲ ਮਹਿਲਾ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ।