ਕਰਨਪ੍ਰਯਾਗ ਘਟਨਾ ਤੋਂ ਬਾਅਦ ਹੇਮਕੁੰਟ ਸਾਹਿਬ ਟਰੱਸਟ ਦੀ ਵੱਡੀ ਅਪੀਲ- “ਸ਼ਸ਼ਤਰ ਧਰਮ ਦੀ ਰੱਖਿਆ ਲਈ ਹਨ, ਦੁਰਵਰਤੋਂ ਲਈ ਨਹੀਂ”; ਸਖ਼ਤ ਕਾਰਵਾਈ ਦੀ ਉੱਠੀ ਮੰਗ
ਚਮੋਲੀ (ਉੱਤਰਾਖੰਡ): ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ ਮੰਗਲਵਾਰ ਨੂੰ ਵਾਪਰੀ ਝੜਪ ਤੋਂ ਬਾਅਦ ਵਿਵਾਦ ਹੋਰ ਗਹਿਰਾ ਗਿਆ ਹੈ। ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਕੁਝ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਏ ਟਕਰਾਅ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਹੋਣ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦੀ ਚਰਚਾ ਹੋ ਰਹੀ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।ਇਸ ਮਾਮਲੇ ‘ਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ, ਗੋਵਿੰਦਘਾਟ ਨੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਲੂਆਂ ਨੂੰ ਸ਼ਾਂਤੀ, ਅਨੁਸ਼ਾਸਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।ਟਰੱਸਟ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਇੱਕ ਪਵਿੱਤਰ ਧਾਰਮਿਕ ਯਾਤਰਾ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਧਾਰਮਿਕ ਮਰਿਆਦਾ, ਸੰਜਮ ਅਤੇ ਸਦਭਾਵਨਾ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਵਾਦ ਜਾਂ ਬਹਿਸ ਤੋਂ ਬਚਣਾ ਚਾਹੀਦਾ ਹੈ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਟਰੱਸਟ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਸਿੱਖ ਧਰਮ ਵਿੱਚ ਸ਼ਸਤਰਾਂ ਦਾ ਵਿਸ਼ੇਸ਼ ਮਹੱਤਵ ਹੈ, ਪਰ ਇਹ ਧਰਮ ਅਤੇ ਨਿਆਂ ਦੀ ਰੱਖਿਆ ਲਈ ਹਨ, ਨਾ ਕਿ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਜਾਂ ਹਿੰਸਾ ਲਈ। ਸ਼ਰਧਾਲੂਆਂ ਨੂੰ ਬੇਲੋੜੇ ਹਥਿਆਰ ਲਿਜਾਣ ਤੋਂ ਗੁਰੇਜ਼ ਕਰਨ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਨਾ ਕਰਨ ਦੀ ਅਪੀਲ ਕੀਤੀ ਗਈ ਹੈ।ਟਰੱਸਟ ਨੇ ਇਹ ਵੀ ਕਿਹਾ ਕਿ ਉੱਤਰਾਖੰਡ ਨੂੰ ਦੇਵਭੂਮੀ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ਼੍ਰੀ ਬਦਰੀਨਾਥ ਧਾਮ, ਸ਼੍ਰੀ ਕੇਦਾਰਨਾਥ ਧਾਮ, ਗੰਗੋਤਰੀ, ਯਮੁਨੋਤਰੀ ਅਤੇ ਸ਼੍ਰੀ ਹੇਮਕੁੰਟ ਸਾਹਿਬ ਵਰਗੇ ਮਹੱਤਵਪੂਰਨ ਧਾਰਮਿਕ ਸਥਾਨ ਸਥਿਤ ਹਨ। ਅਜਿਹੇ ਪਵਿੱਤਰ ਸਥਾਨਾਂ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉੱਧਰ, ਸੀਪੀਆਈ (ਐਮਐਲ) ਦੇ ਸੂਬਾ ਸਕੱਤਰ ਇੰਦਰੇਸ਼ ਮਾਇਖੁਰੀ ਨੇ ਘਟਨਾ ਦੀ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਹਮਲੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਤੇਜ਼ਧਾਰ ਹਥਿਆਰਾਂ ਨਾਲ ਲੋਕਾਂ ‘ਤੇ ਹਮਲੇ ਕੀਤੇ ਗਏ ਹਨ ਤਾਂ ਇਸ ਮਾਮਲੇ ਵਿੱਚ ਕਤਲ ਦੀ ਕੋਸ਼ਿਸ਼ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਮਾਇਖੁਰੀ ਨੇ ਕਿਹਾ ਕਿ ਧਾਰਮਿਕ ਚਿੰਨ੍ਹਾਂ ਜਾਂ ਸ਼ਸਤਰਾਂ ਦੀ ਵਰਤੋਂ ਕਿਸੇ ਵੀ ਤਰ੍ਹਾਂ ਦੇ ਨਿੱਜੀ ਝਗੜੇ ਜਾਂ ਟਕਰਾਅ ਵਿੱਚ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਘਟਨਾ ਨੂੰ ਅਫਸੋਸਜਨਕ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਫ਼ਿਲਹਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਤੱਥ ਇਕੱਠੇ ਕੀਤੇ ਜਾ ਰਹੇ ਹਨ।