ਹੜ੍ਹ ਦੇ ਖ਼ਤਰੇ ਨੂੰ ਲੈ ਕੇ ਫੌਜ ਅਲਰਟ, ਸੰਵੇਦਨਸ਼ੀਲ ਇਲਾਕਿਆਂ ਦਾ ਕੀਤਾ ਸਰਵੇ
ਸੁਲਤਾਨਪੁਰ ਲੋਧੀ: ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਦੇ ਚਲਦਿਆਂ ਬਿਆਸ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ।ਭਾਵੇਂ ਮੌਜੂਦਾ ਸਮੇਂ ਹਾਲਾਤ ਕਾਬੂ ਹੇਠ ਦੱਸੇ ਜਾ ਰਹੇ ਹਨ, ਪਰ ਪਿਛਲੇ ਸਾਲਾਂ ਦੌਰਾਨ ਆਈ ਤਬਾਹੀ ਨੂੰ ਯਾਦ ਕਰਦਿਆਂ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਹੈ। ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫੌਜ ਵੱਲੋਂ ਹੜ੍ਹ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਫੌਜ ਦੀ ਟੀਮ ਨੇ ਦਰਿਆ ਕਿਨਾਰੇ ਵੱਸਦੇ ਕਈ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕਮਜ਼ੋਰ ਬੰਨ੍ਹਾਂ, ਦਰਿਆ ਦੇ ਵਹਾਅ ਅਤੇ ਖ਼ਤਰੇ ਵਾਲੀਆਂ ਥਾਵਾਂ ਦਾ ਮੁਲਾਂਕਣ ਕੀਤਾ। ਇਸ ਦੌਰਾਨ ਡਰੋਨ ਰਾਹੀਂ ਇਲਾਕੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਇਕੱਠੀਆਂ ਕੀਤੀਆਂ ਗਈਆਂ ਤਾਂ ਜੋ ਲੋੜ ਪੈਣ ‘ਤੇ ਉੱਚ ਅਧਿਕਾਰੀਆਂ ਨੂੰ ਵਿਸਥਾਰਤ ਰਿਪੋਰਟ ਭੇਜੀ ਜਾ ਸਕੇ। ਦੌਰੇ ਦੌਰਾਨ ਸਥਾਨਕ ਲੋਕਾਂ ਨੇ ਫੌਜੀ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਆਰਜ਼ੀ ਬੰਨ੍ਹਾਂ ਦੇ ਟੁੱਟਣ ਕਾਰਨ ਦਰਿਆ ਦਾ ਪਾਣੀ ਪਿੰਡਾਂ ਅਤੇ ਖੇਤਾਂ ਵਿੱਚ ਦਾਖਲ ਹੋ ਗਿਆ ਸੀ, ਜਿਸ ਨਾਲ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਸੀ। ਕਈ ਖੇਤਾਂ ਵਿੱਚ ਅੱਜ ਵੀ ਰੇਤ ਜਮ੍ਹੀ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੁੰਦੀ ਹੈ ਅਤੇ ਡੈਮਾਂ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਣਾ ਪੈਂਦਾ ਹੈ ਤਾਂ ਹਾਲਾਤ ਮੁੜ ਗੰਭੀਰ ਹੋ ਸਕਦੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੜ੍ਹਾਂ ਦੀ ਉਡੀਕ ਕਰਨ ਦੀ ਬਜਾਏ ਦਰਿਆ ਬਿਆਸ ਦੀ ਸਫਾਈ, ਡੂੰਘਾਈ ਵਧਾਉਣ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੁਰੰਤ ਤੇਜ਼ ਕੀਤਾ ਜਾਵੇ।

ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਨੁਕਸਾਨੇ ਗਏ ਕਈ ਬੰਨ੍ਹਾਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਮਜ਼ਬੂਤ ਨਹੀਂ ਕੀਤਾ ਗਿਆ, ਜੋ ਭਵਿੱਖ ਵਿੱਚ ਵੱਡੇ ਖ਼ਤਰੇ ਦਾ ਕਾਰਨ ਬਣ ਸਕਦੇ ਹਨ। ਇਸ ਦੌਰਾਨ ਫੌਜ ਵੱਲੋਂ ਹੜ੍ਹ ਦੀ ਸਥਿਤੀ ਵਿੱਚ ਵਰਤੇ ਜਾਣ ਵਾਲੇ ਰਾਹਤ ਕੈਂਪਾਂ, ਸੁਰੱਖਿਅਤ ਥਾਵਾਂ ਅਤੇ ਬਚਾਅ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਫੌਜੀ ਅਧਿਕਾਰੀਆਂ ਨੇ ਲੋਕਾਂ ਨੂੰ ਹੌਸਲਾ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਤਿਆਰ ਹਨ ਅਤੇ ਜ਼ਰੂਰਤ ਪੈਣ ‘ਤੇ ਫੌਜ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹੇਗੀ। ਸਥਾਨਕ ਲੋਕਾਂ ਨੇ ਇਹ ਮੰਗ ਵੀ ਕੀਤੀ ਕਿ ਡੈਮਾਂ ਵਿੱਚੋਂ ਵਾਧੂ ਪਾਣੀ ਇੱਕੋ ਵਾਰ ਛੱਡਣ ਦੀ ਬਜਾਏ ਨਿਯੰਤਰਿਤ ਅਤੇ ਪੜਾਅਵਾਰ ਢੰਗ ਨਾਲ ਰਿਲੀਜ਼ ਕੀਤਾ ਜਾਵੇ, ਤਾਂ ਜੋ ਅਚਾਨਕ ਬਣਨ ਵਾਲੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।