ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਵੀਡੀਓ ਵਿਵਾਦ ‘ਚ ਸਰਕਾਰ ਕਰ ਰਹੀ ਹੈ ਸੱਚਾਈ ਤੋਂ ਭਟਕਾਉਣ ਦੀ ਕੋਸ਼ਿਸ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਬਜਾਏ ਇਸ ਨੂੰ ਸਿਆਸੀ ਰੰਗ ਦੇ ਕੇ ਅਸਲ ਮੁੱਦੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਸੰਬੰਧਿਤ ਵੀਡੀਓ ਨਾ ਤਾਂ ਅਕਾਲੀ ਦਲ ਵੱਲੋਂ ਬਣਾਈ ਗਈ ਹੈ ਅਤੇ ਨਾ ਹੀ ਇਸ ਨੂੰ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਵੀਡੀਓ ਮੁੱਖ ਮੰਤਰੀ ਦੇ ਨਜ਼ਦੀਕੀ ਲੋਕਾਂ ਵੱਲੋਂ ਤਿਆਰ ਕਰਕੇ ਸੋਸ਼ਲ ਮੀਡੀਆ ‘ਤੇ ਪਾਈ ਗਈ ਸੀ ਅਤੇ ਬਾਅਦ ਵਿੱਚ ਦਬਾਅ ਹੇਠ ਇਸ ਨੂੰ ਹਟਾਇਆ ਗਿਆ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਾਅਦ ਵਿੱਚ ਇਸ ਵੀਡੀਓ ਨੂੰ ਏਆਈ (AI) ਨਾਲ ਬਣਾਈ ਗਈ ਕਹਿ ਕੇ ਨਕਾਰਣ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਸਖ਼ਤ ਰੁਖ਼ ਅਪਣਾਇਆ ਗਿਆ ਸੀ ਅਤੇ ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਵੀ ਮੰਗਿਆ ਗਿਆ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਦੇ ਨਤੀਜਿਆਂ ਵਿੱਚ ਵੀਡੀਓ ਦੀ ਅਸਲ ਹੋਣ ਦੀ ਗੱਲ ਸਾਹਮਣੇ ਆਈ ਅਤੇ ਇਸ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੜੀ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਮਰਯਾਦਾ ਨਾਲ ਜੁੜੇ ਮਾਮਲਿਆਂ ਨੂੰ ਰਾਜਨੀਤਿਕ ਰੰਗ ਦੇਣਾ ਠੀਕ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਿਆਨਾਂ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਪਾਰਟੀ ਵੱਲੋਂ ਵੱਖ-ਵੱਖ ਦਲੀਲਾਂ ਦੇ ਕੇ ਮਾਮਲੇ ਨੂੰ ਗੁੰਝਲਦਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਧਾਰਮਿਕ ਮਰਯਾਦਾ ਅਤੇ ਗੁਰੂ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੱਚਾਈ ਸਾਹਮਣੇ ਲਿਆਏ, ਨਾ ਕਿ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕਰੇ