ਭਾਰਤ-ਪਾਕਿਸਤਾਨ ਸਰਹੱਦ ਨੇੜੇ ਵੱਡੀ ਕਾਰਵਾਈ, ਏਕੇ-47 ਸਮੇਤ 25 ਪਿਸਤੌਲ ਤੇ 368 ਕਾਰਤੂਸ ਬਰਾਮਦ
ਅੰਮ੍ਰਿਤਸਰ: ਸਰਹੱਦੀ ਖੇਤਰ ਵਿੱਚ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ BSF ਦੀ 117 ਬਟਾਲੀਅਨ ਅਤੇ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਅੰਮ੍ਰਿਤਸਰ ਦੇ ਅਜਨਾਲਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਹਰੜ ਖੁਰਦ ਨੇੜੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਸਾਂਝੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਏਕੇ-47 ਰਾਈਫਲ, 25 ਪਿਸਤੌਲ ਅਤੇ 368 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅਧਿਕਾਰੀਆਂ ਮੁਤਾਬਕ ਇਹ ਬਰਾਮਦਗੀ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਮੰਨੀ ਜਾ ਰਹੀ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਆਸਟ੍ਰੇਲੀਆ-ਅਧਾਰਿਤ ਸਹਿਯੋਗੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਦੋਸ਼ ਹੈ ਕਿ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਹਥਿਆਰਾਂ ਦੇ ਡਰਾਪ ਪੁਆਇੰਟ ਅਤੇ ਹੋਰ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਸਨ।

ਮਾਮਲੇ ਸਬੰਧੀ ਐਸਐਸਓਸੀ ਅੰਮ੍ਰਿਤਸਰ ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਜਾਂਚ ਏਜੰਸੀਆਂ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਪੜਤਾਲ ਕਰ ਰਹੀਆਂ ਹਨ ਤਾਂ ਜੋ ਇਸ ਤਸਕਰੀ ਰੈਕਟ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਬਰਾਮਦ ਕੀਤੇ ਗਏ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਤਸਕਰੀ ਅਤੇ ਅਪਰਾਧਿਕ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਜਾਂਚ ਜਾਰੀ ਹੈ। ਗ੍ਰਿਫ਼ਤਾਰ ਵਿਅਕਤੀ ਇਸ ਸਮੇਂ BSF ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਦੇ ਨਾਲ ਹੀ ਸਰਹੱਦੀ ਖੇਤਰ ਵਿੱਚ ਨਿਗਰਾਨੀ ਅਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ