ਭਗਵੰਤ ਮਾਨ ਖ਼ਿਲਾਫ਼ ਮੈਦਾਨ ਵਿੱਚ ਅਕਾਲੀ ਦਲ, ਵੱਡੇ ਅੰਦੋਲਨ ਦਾ ਐਲਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਗੁਰੂ ਸਾਹਿਬਾਨ ਅਤੇ ਖ਼ਾਲਸਾ ਪੰਥ ਦੀ ਮਰਿਆਦਾ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਅਤੇ ਇੱਥੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਰਾਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਜਿਸ ’ਤੇ ਪੰਥ ਦੀ ਬੇਅਦਬੀ ਦੇ ਗੰਭੀਰ ਦੋਸ਼ ਹੋਣ। ਉਨ੍ਹਾਂ ਇਸ ਲੜਾਈ ਨੂੰ ਗੈਰ-ਰਾਜਨੀਤਿਕ ਅਤੇ ਪੰਥਕ ਸਨਮਾਨ ਨਾਲ ਜੁੜਿਆ ਮੁੱਦਾ ਦੱਸਿਆ। ਅਕਾਲੀ ਦਲ ਪ੍ਰਧਾਨ ਨੇ ਦਾਅਵਾ ਕੀਤਾ ਕਿ ਇੱਕ ਵਿਵਾਦਤ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਇਸ ਨੂੰ ਅਸਲੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਬੇਕਸੂਰ ਹਨ ਤਾਂ ਉਹ ਮਾਮਲੇ ਦੀ ਜਾਂਚ CBI ਜਾਂ ਕੇਂਦਰੀ ਫੋਰੈਂਸਿਕ ਸਾਇੰਸ ਲੈਬੋਰਟਰੀ ਤੋਂ ਕਰਵਾਉਣ ਲਈ ਤਿਆਰ ਹੋਣ। ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਲਾਈ ਡਿਟੈਕਸ਼ਨ ਟੈਸਟ ਕਰਵਾਉਣ ਦੀ ਵੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਲਿਆਉਣ ਲਈ ਸੁਤੰਤਰ ਜਾਂਚ ਜ਼ਰੂਰੀ ਹੈ।ਅਕਾਲੀ ਦਲ ਨੇ ਐਲਾਨ ਕੀਤਾ ਕਿ 19 ਜੁਲਾਈ ਤੋਂ ਸ਼ੁਰੂ ਹੋਣ ਵਾਲਾ ‘ਧਰਮ ਯੁੱਧ ਮੋਰਚਾ’ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਚਲਾਇਆ ਜਾਵੇਗਾ। ਪਾਰਟੀ ਦਾ ਕਹਿਣਾ ਹੈ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਉਦੋਂ ਤੱਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈਣਗੇ ਜਦੋਂ ਤੱਕ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿੰਦੇ ਹਨ।
ਅਕਾਲੀ ਦਲ ਨੇ ਸਾਰੀਆਂ ਸਿੱਖ ਜਥੇਬੰਦੀਆਂ, ਸੰਤ ਸਮਾਜ, ਧਾਰਮਿਕ ਸੰਸਥਾਵਾਂ, ਬੁੱਧੀਜੀਵੀਆਂ ਅਤੇ ਪੰਥਕ ਆਗੂਆਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਕਿਸੇ ਇੱਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਪੰਥ ਦੇ ਸਨਮਾਨ ਨਾਲ ਜੁੜਿਆ ਸਾਂਝਾ ਸੰਘਰਸ਼ ਹੈ।ਮੋਰਚੇ ਦੀ ਤਿਆਰੀ ਅਤੇ ਲੋਕਾਂ ਨਾਲ ਸੰਪਰਕ ਲਈ ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪੰਜ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਹੈ। ਕਮੇਟੀ ਵਿੱਚ ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਅਮਰਜੀਤ ਸਿੰਘ ਚਾਵਲਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ‘ਧਰਮ ਯੁੱਧ ਮੋਰਚਾ’ ਨੂੰ ਸੂਬਾ ਪੱਧਰੀ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ ਅਤੇ ਪੰਜਾਬ ਭਰ ਵਿੱਚ ਲੋਕਾਂ ਦਾ ਸਮਰਥਨ ਇਕੱਠਾ ਕੀਤਾ ਜਾਵੇਗਾ।