‘ਆਪ’ ਆਗੂ ਸਿਕੰਦਰ ਸਿੰਘ ਖਿੱਦੋਵਾਲੀ ‘ਤੇ ਫਾਇਰਿੰਗ, ਵਾਲ-ਵਾਲ ਬਚੇ ਵਾਈਸ ਚੇਅਰਮੈਨ
ਅੰਮ੍ਰਿਤਸਰ: ਮਜੀਠਾ ਹਲਕੇ ਦੇ ਪਿੰਡ ਖਿੱਦੋਵਾਲੀ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਸਿਕੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੁਰੱਖਿਅਤ ਰਹੇ, ਜਦਕਿ ਗੋਲੀਆਂ ਉਨ੍ਹਾਂ ਦੀ ਬੋਲੇਰੋ ਗੱਡੀ ਨੂੰ ਲੱਗੀਆਂ।ਸਿਕੰਦਰ ਸਿੰਘ ਮੁਤਾਬਕ ਉਹ ਆਪਣੇ ਕੁਝ ਸਾਥੀਆਂ ਨਾਲ ਰਾਤ ਕਰੀਬ 9:30 ਵਜੇ ਪਿੰਡ ਰਸੂਲਪੁਰ ਤੋਂ ਵਾਪਸ ਖਿੱਦੋਵਾਲੀ ਆ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਪੰਨਵਾਂ ਅਤੇ ਖਿੱਦੋਵਾਲੀ ਵਿਚਕਾਰ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਦੋ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਪੀੜਤ ਆਗੂ ਨੇ ਦੱਸਿਆ ਕਿ ਹਮਲਾਵਰਾਂ ਵਿੱਚੋਂ ਇੱਕ ਨੇ ਕਾਲਾ ਪਰਨਾ ਬੰਨ੍ਹਿਆ ਹੋਇਆ ਸੀ। ਜਿਵੇਂ ਹੀ ਗੱਡੀ ਉਨ੍ਹਾਂ ਦੇ ਨੇੜੇ ਪਹੁੰਚੀ, ਉਸ ਨੇ ਫਾਇਰ ਕਰ ਦਿੱਤਾ ਅਤੇ ਇਸ ਤੋਂ ਬਾਅਦ ਹੋਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਹਾਲਾਤ ਨੂੰ ਦੇਖਦਿਆਂ ਉਨ੍ਹਾਂ ਨੇ ਤੁਰੰਤ ਗੱਡੀ ਦੀ ਰਫ਼ਤਾਰ ਵਧਾ ਕੇ ਮੌਕੇ ਤੋਂ ਨਿਕਲਣਾ ਹੀ ਬਿਹਤਰ ਸਮਝਿਆ।

ਸਿਕੰਦਰ ਸਿੰਘ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਹਮਲਾਵਰ ਸੜਕ ਕਿਨਾਰੇ ਮੌਜੂਦ ਸਨ, ਜਦਕਿ ਦੋ ਹੋਰ ਵਿਅਕਤੀ ਨੇੜਲੇ ਖੇਤਾਂ ਵਿੱਚ ਲੁਕੇ ਹੋਏ ਸਨ। ਪੁਲਿਸ ਨੂੰ ਘਟਨਾ ਸਥਾਨ ਤੋਂ ਤਿੰਨ ਖੋਲ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਜਾਂਚ ਲਈ ਫੋਰੈਂਸਿਕ ਮਾਹਿਰਾਂ ਕੋਲ ਭੇਜਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿਆਸੀ ਰੰਜਿਸ਼, ਪੁਰਾਣੀ ਦੁਸ਼ਮਣੀ ਅਤੇ ਹੋਰ ਸੰਭਾਵਿਤ ਕਾਰਨਾਂ ਨੂੰ ਧਿਆਨ ਵਿੱਚ ਰੱਖ ਕੇ ਤਫ਼ਤੀਸ਼ ਅੱਗੇ ਵਧਾਈ ਜਾ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਘਟਨਾ ਤੋਂ ਬਾਅਦ ਖਿੱਦੋਵਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।