“ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰੋ”- ਧਾਮੀ ਦੀ ਸਿੱਖ ਸੰਗਤ ਨੂੰ ਅਪੀਲ
ਅੰਮ੍ਰਿਤਸਰ, 20 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਦੀ ਫੋਰੈਂਸਿਕ ਜਾਂਚ ਸਬੰਧੀ ਜਾਣਕਾਰੀ ਸਾਂਝੀ ਕੀਤੀ। ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਬੰਧਿਤ ਵੀਡੀਓ ਨੂੰ AI ਰਾਹੀਂ ਤਿਆਰ ਕੀਤੀ ਗਈ ਅਤੇ ਫਰਜ਼ੀ ਦੱਸਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ ਅਤੇ ਫੋਰੈਂਸਿਕ ਜਾਂਚ ਸਬੰਧੀ ਸਹਿਯੋਗ ਮੰਗਿਆ ਗਿਆ, ਪਰ ਕੋਈ ਜਵਾਬ ਨਹੀਂ ਮਿਲਿਆ।

ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਸੁਤੰਤਰ ਫੋਰੈਂਸਿਕ ਲੈਬਾਂ ਤੋਂ ਜਾਂਚ ਕਰਵਾਈ ਗਈ, ਜਿਨ੍ਹਾਂ ਦੀਆਂ ਰਿਪੋਰਟਾਂ ਮੁਤਾਬਕ ਵੀਡੀਓ ਵਿੱਚ ਕਿਸੇ ਤਰ੍ਹਾਂ ਦੀ ਡਿਜ਼ੀਟਲ ਛੇੜਛਾੜ, ਸਿੰਥੈਟਿਕ ਜਨਰੇਸ਼ਨ ਜਾਂ ਮੈਨਿਪੂਲੇਸ਼ਨ ਦੇ ਸਬੂਤ ਨਹੀਂ ਮਿਲੇ। ਧਾਮੀ ਨੇ ਕਿਹਾ ਕਿ ਹੁਣ ਜਦੋਂ ਜਾਂਚ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ ਤਾਂ ਮਾਮਲੇ ਨੂੰ ਨਵੇਂ ਰੂਪ ਵਿੱਚ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਫਰਜ਼ ਹੈ ਅਤੇ ਸਿੱਖ ਸੰਗਤ ਨੂੰ ਸਮਾਜਿਕ ਬਾਈਕਾਟ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਸਬੰਧੀ 27 ਜੂਨ ਨੂੰ SGPC ਦੀ ਜਨਰਲ ਇਕੱਤਰਤਾ ਬੁਲਾਈ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਨਾਲ ਹੀ SGPC ਦੇ ਮੈਂਬਰ ਅਤੇ ਅਹੁਦੇਦਾਰ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਪੂਰੇ ਮਾਮਲੇ ਬਾਰੇ ਜਾਣੂ ਕਰਵਾਉਣਗੇ। ਇੱਕ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਸੰਸਥਾ ਹੈ ਅਤੇ ਇਤਿਹਾਸ ਗਵਾਹ ਹੈ ਕਿ ਉੱਥੇ ਨਿਮਰਤਾ ਨਾਲ ਪੇਸ਼ ਹੋਣ ਵਾਲੇ ਸੁਰਖਰੂ ਹੋ ਕੇ ਨਿਕਲੇ ਹਨ।
 
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟਕਰਾਅ ਦੀ ਬਜਾਏ ਨਿਮਰਤਾ ਦਾ ਰਾਹ ਅਪਣਾਉਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਜਾਣ ਵਾਲੇ ਧਰਮ ਯੁੱਧ ਮੋਰਚੇ ਬਾਰੇ ਪੁੱਛੇ ਜਾਣ ‘ਤੇ ਧਾਮੀ ਨੇ ਕਿਹਾ ਕਿ SGPC ਅਤੇ ਅਕਾਲੀ ਦਲ ਦਾ ਇਤਿਹਾਸਕ ਰਿਸ਼ਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਲਈ ਹਰ ਸਿੱਖ ਆਪਣੀ ਜ਼ਿੰਮੇਵਾਰੀ ਨਿਭਾਏਗਾ। ਇਸ ਦੌਰਾਨ ਧਾਮੀ ਨੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ SGPC ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਲਈ ਪ੍ਰੈਸ ਅਤੇ ਗੁਰਦੁਆਰਾ ਸਥਾਪਤ ਕਰਨ ਦੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 2013 ਵਿੱਚ ਦਾਨ ਕੀਤੀ ਗਈ ਜ਼ਮੀਨ ਉੱਤੇ ਕੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਉੱਥੇ ਪ੍ਰੈਸ, ਗੁਰਦੁਆਰਾ ਸਾਹਿਬ ਅਤੇ ਸੇਵਾਦਾਰਾਂ ਲਈ ਰਿਹਾਇਸ਼ੀ ਪ੍ਰਬੰਧ ਸਥਾਪਤ ਕੀਤੇ ਜਾਣਗੇ। ਧਾਮੀ ਨੇ ਕਿਹਾ ਕਿ SGPC ਦੇ 105 ਸਾਲਾਂ ਦੇ ਇਤਿਹਾਸ ਵਿੱਚ ਇਹ ਭਾਰਤ ਤੋਂ ਬਾਹਰ ਪਹਿਲਾ ਵੱਡਾ ਪ੍ਰੋਜੈਕਟ ਹੋਵੇਗਾ, ਜਿਸ ਨਾਲ ਉੱਤਰੀ ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪ੍ਰਾਪਤ ਕਰਨ ਵਿੱਚ ਵੱਡੀ ਸੁਵਿਧਾ ਮਿਲੇਗੀ।