ਅੰਮ੍ਰਿਤਸਰ ਤੋਂ 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ਵਿੱਚ ਹੋਣਗੇ ਸ਼ਾਮਲ
ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 290 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਐਤਵਾਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਫ਼ਤਰ ਤੋਂ ਧਾਰਮਿਕ ਰਸਮਾਂ ਅਤੇ ਅਰਦਾਸ ਤੋਂ ਬਾਅਦ ਵਿਦਾਇਗੀ ਕੀਤਾ ਗਿਆ। SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਾਲ 302 ਪਾਸਪੋਰਟ ਪਾਕਿਸਤਾਨ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ, ਜਦਕਿ 12 ਨੂੰ ਵੀਜ਼ਾ ਨਹੀਂ ਮਿਲ ਸਕਿਆ।

ਸ਼ਰਧਾਲੂ ਇਹ ਯਾਤਰਾ ਦੌਰਾਨ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਹੋਣ ਵਾਲੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਉਹ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਅਤੇ ਸਿੱਖ ਵਿਰਾਸਤ ਨਾਲ ਜੁੜੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਵੀ ਕਰਨਗੇ। ਇਹ ਜਥਾ 30 ਜੂਨ ਨੂੰ ਭਾਰਤ ਵਾਪਸ ਆਵੇਗਾ।
ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਮੌਕਾ ਸਿੱਖ ਇਤਿਹਾਸ ਨਾਲ ਜੁੜੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਹੈ ਅਤੇ ਉਹ ਇਸ ਲਈ ਬਹੁਤ ਉਤਸ਼ਾਹਿਤ ਹਨ।