ਵਿਦੇਸ਼ ਬੈਠੇ ਗੈਂਗਸਟਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ
ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਾਂਝੇ ਆਪਰੇਸ਼ਨ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਤਿੰਨ ਵਿਦੇਸ਼ੀ ਬਣੀਆਂ ਆਧੁਨਿਕ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਐਸਐਸਓਸੀ ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਇੱਕ ਕੇਂਦਰੀ ਏਜੰਸੀ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੀ ਐਕਸ ਪੋਸਟ ਰਾਹੀਂ ਸਾਂਝੀ ਕੀਤੀ।

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਇਹ ਗੈਂਗਸਟਰ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਪੁਲਿਸ ਮੁਤਾਬਕ ਮੁਲਜ਼ਮ ਹਥਿਆਰਾਂ ਦੀ ਸਪਲਾਈ ਅਤੇ ਹੋਰ ਅਪਰਾਧਿਕ ਕਾਰਵਾਈਆਂ ਵਿੱਚ ਸਰਗਰਮ ਸਨ।

ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਦਰਜ ਇੱਕ ਕਤਲ ਮਾਮਲੇ ਅਤੇ ਬਟਾਲਾ ਵਿੱਚ ਦਰਜ ਕਤਲ ਦੀ ਕੋਸ਼ਿਸ਼ ਦੇ ਇੱਕ ਹੋਰ ਮਾਮਲੇ ਨਾਲ ਵੀ ਸੰਬੰਧਿਤ ਹਨ। ਇਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਸਿਰਫ਼ ਹਥਿਆਰਾਂ ਦੀ ਤਸਕਰੀ ਤੱਕ ਸੀਮਿਤ ਨਹੀਂ ਸੀ, ਸਗੋਂ ਗੰਭੀਰ ਹਿੰਸਕ ਅਪਰਾਧਾਂ ਵਿੱਚ ਵੀ ਸ਼ਾਮਲ ਰਿਹਾ ਹੈ।ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਹੋਰ ਸਹਿਯੋਗੀਆਂ, ਸਥਾਨਕ ਸੰਪਰਕਾਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਗਿਰੋਹ ਦੀਆਂ ਪਿਛਲੀਆਂ ਅਪਰਾਧਿਕ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।