ਪੰਜਾਬ ਕਾਂਗਰਸ ‘ਚ ਵੱਡੇ ਬਦਲਾਅ ਦੀ ਤਿਆਰੀ? ਹਾਈਕਮਾਨ ਨਾਲ ਦਿੱਲੀ ‘ਚ ਹੋਇਆ ਮੰਥਨ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਮਤਭੇਦਾਂ ਨੂੰ ਦੂਰ ਕਰਨ ਦੇ ਮਕਸਦ ਨਾਲ ਪਾਰਟੀ ਹਾਈਕਮਾਨ ਨੇ ਦਿੱਲੀ ਵਿੱਚ ਪੰਜਾਬ ਇਕਾਈ ਦੇ ਸੀਨੀਅਰ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦੀ ਅਗਵਾਈ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੀਟਿੰਗ ਕਾਫ਼ੀ ਫਲਦਾਇਕ ਰਹੀ ਅਤੇ ਇਸ ਦੌਰਾਨ ਪੰਜਾਬ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਬੰਧੀ ਜੋ ਵੀ ਫੈਸਲਾ ਰਾਹੁਲ ਗਾਂਧੀ ਲੈਣਗੇ, ਉਹ ਪਾਰਟੀ ਅਤੇ ਸੂਬੇ ਦੇ ਹਿੱਤ ਵਿੱਚ ਹੋਵੇਗਾ।
ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਕਾਂਗਰਸ ਨੂੰ ਮੌਕਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ 14 ਵਿੱਚੋਂ 8 ਸੀਟਾਂ ਜਿੱਤੀਆਂ ਸਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਦੀ ਲੋਕਾਂ ਵਿੱਚ ਮਜ਼ਬੂਤ ਪਕੜ ਬਣੀ ਹੋਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜੇਕਰ ਪਾਰਟੀ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 70 ਤੋਂ 80 ਸੀਟਾਂ ਜਿੱਤ ਸਕਦੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਹਾਈਕਮਾਨ ਜੋ ਵੀ ਫੈਸਲਾ ਲਵੇਗਾ, ਉਹ ਉਸਦਾ ਸਤਿਕਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਚਨਬੱਧ ਸਿਪਾਹੀ ਹਨ ਅਤੇ ਹਰ ਹਾਲਤ ਵਿੱਚ ਪਾਰਟੀ ਅਤੇ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਰਹਿਣਗੇ।