‘ਸਿੱਖਿਆ ਨੂੰ ਮਹਿੰਗਾ ਬਣਾ ਸਕਦਾ ਹੈ ਨਵਾਂ ਬਿੱਲ’-ਭਗਵੰਤ ਮਾਨ ਦੀ ਕੇਂਦਰ ਨੂੰ ਚੇਤਾਵਨੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ-2025’ (ਉੱਚ ਸਿੱਖਿਆ ਬਿੱਲ) ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਉੱਚ ਸਿੱਖਿਆ ਨੂੰ ਹੋਰ ਮਹਿੰਗਾ ਬਣਾ ਸਕਦਾ ਹੈ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਛੋਟੇ ਵਪਾਰੀ ਦੇ ਬੱਚੇ ਲਈ ਮੌਕਿਆਂ ਦਾ ਦਰਵਾਜ਼ਾ ਹੋਣੀ ਚਾਹੀਦੀ ਹੈ, ਨਾ ਕਿ ਪਰਿਵਾਰਾਂ ਲਈ ਆਰਥਿਕ ਬੋਝ।

ਮੁੱਖ ਮੰਤਰੀ ਨੇ ਕਿਹਾ ਕਿ ਬਿੱਲ ਦਾ ਅਧਿਐਨ ਕਰਨ ਤੋਂ ਬਾਅਦ ਇਹ ਸਪੱਸ਼ਟ ਹੁੰਦਾ ਹੈ ਕਿ ਉੱਚ ਸਿੱਖਿਆ ਨਾਲ ਜੁੜੇ ਬਹੁਤੇ ਮਹੱਤਵਪੂਰਨ ਫ਼ੈਸਲਿਆਂ ਨੂੰ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਕੇਂਦਰਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਭਿੰਨਤਾ ਭਰੇ ਦੇਸ਼ ਵਿੱਚ ਸੂਬਿਆਂ ਨੂੰ ਆਪਣੀਆਂ ਲੋੜਾਂ ਅਤੇ ਹਾਲਾਤਾਂ ਅਨੁਸਾਰ ਸਿੱਖਿਆ ਪ੍ਰਣਾਲੀ ਵਿਕਸਿਤ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ।
ਵਿਦਿਆਰਥੀਆਂ ‘ਤੇ ਵਧੇਗਾ ਆਰਥਿਕ ਬੋਝ
ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕੀਤੀ ਕਿ ਜੇਕਰ ਸਿੱਖਿਆ ਪ੍ਰਣਾਲੀ ਦਾ ਵਧੇਰੇ ਕੇਂਦਰੀਕਰਨ ਕੀਤਾ ਜਾਂਦਾ ਹੈ ਅਤੇ ਯੂਨੀਵਰਸਿਟੀਆਂ ਨੂੰ ਲੋੜੀਂਦੀ ਵਿੱਤੀ ਸਹਾਇਤਾ ਨਹੀਂ ਮਿਲਦੀ, ਤਾਂ ਸੰਸਥਾਵਾਂ ਨੂੰ ਫੀਸਾਂ ਵਿੱਚ ਵਾਧਾ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਨਾਲ ਮੱਧ ਵਰਗ, ਹੇਠਲੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਉੱਚ ਸਿੱਖਿਆ ਹਾਸਲ ਕਰਨਾ ਔਖਾ ਹੋ ਸਕਦਾ ਹੈ।
ਸੂਬਿਆਂ ਨੂੰ ਮਿਲਣੀ ਚਾਹੀਦੀ ਵੱਧ ਖੁਦਮੁਖਤਿਆਰੀ

ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਸੰਵਿਧਾਨ ਦੀ ਸਮਵਰਤੀ ਸੂਚੀ ਦਾ ਵਿਸ਼ਾ ਹੈ, ਇਸ ਲਈ ਸੂਬਿਆਂ ਨੂੰ ਆਪਣੇ ਖੇਤਰ ਦੀਆਂ ਲੋੜਾਂ ਮੁਤਾਬਕ ਕੋਰਸ, ਹੁਨਰ ਵਿਕਾਸ ਪ੍ਰੋਗਰਾਮ ਅਤੇ ਰੋਜ਼ਗਾਰ ਮੁਖੀ ਯੋਜਨਾਵਾਂ ਤਿਆਰ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਨਿਯੰਤਰਣ ਵਧਾਉਣ ਦੀ ਬਜਾਏ ਉੱਚ ਸਿੱਖਿਆ ਵਿੱਚ ਨਿਵੇਸ਼ ਵਧਾਉਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿੱਲ ਦੇ ਮੌਜੂਦਾ ਸਰੂਪ ਨੂੰ ਵਾਪਸ ਲੈ ਕੇ ਇਸ ਦੀ ਵਿਆਪਕ ਸਮੀਖਿਆ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਾਰਤ ਨੂੰ ਅਜਿਹੇ ਸਿੱਖਿਆ ਢਾਂਚੇ ਦੀ ਲੋੜ ਹੈ, ਜੋ ਸਿੱਖਿਆ ਨੂੰ ਹੋਰ ਪਹੁੰਚਯੋਗ, ਕਿਫ਼ਾਇਤੀ ਅਤੇ ਗੁਣਵੱਤਾ ਭਰਪੂਰ ਬਣਾਵੇ।

ਮੁੱਖ ਮੰਤਰੀ ਨੇ ਕਿਹਾ, “ਦੇਸ਼ ਸਿੱਖਿਆ ‘ਤੇ ਕੰਟਰੋਲ ਕਰਕੇ ਨਹੀਂ, ਸਗੋਂ ਸਿੱਖਿਆ ਵਿੱਚ ਨਿਵੇਸ਼ ਕਰਕੇ ਮਹਾਨ ਬਣਦੇ ਹਨ।”