ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਐਨਕਾਊਂਟਰ, ਦੋ ਕਥਿਤ ਸ਼ੂਟਰ ਗ੍ਰਿਫ਼ਤਾਰ; ਮਾਨਸਾ ‘ਚ 6 ਵਿਅਕਤੀ ਅਸਲੇ ਸਮੇਤ ਕਾਬੂ
ਅੰਮ੍ਰਿਤਸਰ/ਮਾਨਸਾ: ਪੰਜਾਬ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਅਤੇ ਮਾਨਸਾ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਕਈ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਤੋਂ ਬਾਅਦ ਦੋ ਕਥਿਤ ਸ਼ੂਟਰਾਂ ਨੂੰ ਕਾਬੂ ਕੀਤਾ, ਜਦਕਿ ਮਾਨਸਾ ਸੀਆਈਏ ਸਟਾਫ ਨੇ ਛੇ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ ਵਿੱਚ ਮੌਜੂਦ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤਕਨੀਕੀ ਸਾਧਨਾਂ ਅਤੇ ਆਪਣੇ ਸੂਤਰਾਂ ਦੀ ਮਦਦ ਨਾਲ ਦੋਵੇਂ ਸ਼ੱਕੀਆਂ ਨੂੰ ਟਰੇਸ ਕੀਤਾ। ਐਸਐਸਪੀ ਚਾਹਲ ਮੁਤਾਬਕ ਜਦੋਂ ਪੁਲਿਸ ਟੀਮ ਨੇ ਡੇਮੋ ਵਾਲੀ ਨਹਿਰ ਨੇੜੇ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਕੁਝ ਸਮੇਂ ਲਈ ਜਵਾਬੀ ਫਾਇਰਿੰਗ ਹੋਈ। ਪੁਲਿਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਇੱਕ ਗੋਲੀ ਹੀਰਾ ਸਿੰਘ ਦੀ ਲੱਤ ਵਿੱਚ ਲੱਗੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਕੀਤੀ ਹੈ। ਪੁਲਿਸ ਅਨੁਸਾਰ ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਮਨਦੀਪ ਸਿੰਘ ਉਰਫ਼ ਮੰਨਾ ਲਈ ਕੰਮ ਕਰਦੇ ਸਨ, ਜੋ ਯੂਰਪ ਤੋਂ ਆਪਣਾ ਗੈਂਗ ਚਲਾ ਰਿਹਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਅਤੇ ਇੱਕ 9 ਐੱਮਐੱਮ ਪਿਸਤੌਲ ਬਰਾਮਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਤੱਤਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਅਤੇ ਗੈਂਗ ਦੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮਾਨਸਾ ਸੀਆਈਏ ਸਟਾਫ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛੇ ਵਿਅਕਤੀਆਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਠੂਠਿਆਂ ਵਾਲੀ ਰੋਡ ਤੋਂ ਛੇ ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ।ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਚਾਰ .32 ਬੋਰ ਪਿਸਤੌਲ, ਇੱਕ ਦੇਸੀ ਕੱਟਾ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਐਸਐਸਪੀ ਨੇ ਦੱਸਿਆ ਕਿ ਸਾਰੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਮੁਲਜ਼ਮ ਰਾਜਵਿੰਦਰ ਸਿੰਘ ਦੇ ਪਰਿਵਾਰ ਦਾ ਵੀ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਪਿੰਡ ਕੋਟਲੀ ਕਲਾਂ ਵਿੱਚ ਹੋਏ ਕਤਲ ਮਾਮਲੇ ਵਿੱਚ ਵੀ ਇਸ ਪਰਿਵਾਰ ਦਾ ਨਾਮ ਸਾਹਮਣੇ ਆਇਆ ਸੀ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਚਾਰ ਪਿੰਡ ਕੋਟਲੀ ਕਲਾਂ, ਇੱਕ ਦਲੀਏਵਾਲੀ ਅਤੇ ਇੱਕ ਕੱਲੋ ਪਿੰਡ ਨਾਲ ਸਬੰਧਤ ਹੈ। ਫਿਲਹਾਲ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਇੰਨੀ ਵੱਡੀ ਮਾਤਰਾ ਵਿੱਚ ਹਥਿਆਰ ਕਿੱਥੋਂ ਲੈ ਕੇ ਆਏ ਅਤੇ ਜ਼ਿਲ੍ਹੇ ਵਿੱਚ ਕਿਹੜੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।