CM ਮਾਨ ਦੀ ਕਥਿਤ ਵੀਡੀਓ ਵਿਵਾਦ: ਜਾਅਲੀ ਫੋਰੈਂਸਿਕ ਰਿਪੋਰਟ ਦੇ ਇਲਜ਼ਾਮਾਂ ਨਾਲ ਸਿਆਸੀ ਤੂਫ਼ਾਨ ਤੇਜ਼
CM ਮਾਨ ਦੀ ਕਥਿਤ ਵੀਡੀਓ ਵਿਵਾਦ: ਜਾਅਲੀ ਫੋਰੈਂਸਿਕ ਰਿਪੋਰਟ ਦੇ ਇਲਜ਼ਾਮਾਂ ਨਾਲ ਸਿਆਸੀ ਤੂਫ਼ਾਨ ਤੇਜ਼
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵਾਇਰਲ ਵੀਡੀਓ ਦਾ ਮਾਮਲਾ ਹੁਣ ਹੋਰ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇੱਕ ਪਾਸੇ ਸਰਕਾਰ ਵੱਲੋਂ ਵੀਡੀਓ ਨੂੰ ਫਰਜ਼ੀ ਦੱਸ ਕੇ ਫੋਰੈਂਸਿਕ ਰਿਪੋਰਟਾਂ ਜਨਤਕ ਕੀਤੀਆਂ ਗਈਆਂ ਸਨ, ਦੂਜੇ ਪਾਸੇ ਹੁਣ ਉਹੀ ਰਿਪੋਰਟਾਂ ਨੂੰ ਜਾਅਲੀ ਦੱਸਣ ਦੇ ਦੋਸ਼ਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕਥਿਤ ਵੀਡੀਓ ਦੀ ਜਾਂਚ ਵੱਖ-ਵੱਖ ਪੱਧਰਾਂ ‘ਤੇ ਕੀਤੀ ਗਈ ਹੈ ਅਤੇ ਇਸਨੂੰ ਫਰਜ਼ੀ ਕਰਾਰ ਦਿੱਤਾ ਗਿਆ ਹੈ। ਪਰ ਹੁਣ ਸਾਹਮਣੇ ਆ ਰਹੀਆਂ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫੋਰੈਂਸਿਕ ਰਿਪੋਰਟਾਂ ਹੀ ਸ਼ੱਕ ਦੇ ਘੇਰੇ ਵਿੱਚ ਹਨ।ਇਸ ਨਾਲ ਵਿਰੋਧੀ ਧਿਰਾਂ ਨੇ ਮੁੜ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ।
ਗੁਰੂਗ੍ਰਾਮ ਸੀਸੀਟੀਵੀ ਫੁਟੇਜ ਵੀ ਚਰਚਾ ਵਿੱਚ
ਮਾਮਲੇ ਨਾਲ ਜੁੜੇ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਇੱਕ ਹੋਟਲ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਵਿੱਚ ਕੁਝ ਲੋਕਾਂ ਦੀ ਮੁਲਾਕਾਤ ਦਿਖਾਈ ਦਿੰਦੀ ਹੈ। ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੋਰ ਤੇਜ਼ ਹੋ ਗਈ ਹੈ।
ਮਜੀਠੀਆ ਦੇ ਦਾਅਵੇ ਅਤੇ ਵੀਡੀਓ ਸ਼ੇਅਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵਿਅਕਤੀ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸਨੂੰ ਜਸਪ੍ਰੀਤ ਦੱਸਿਆ ਜਾ ਰਿਹਾ ਹੈ ਅਤੇ ਜਿਸ ਨੇ ਕਥਿਤ ਤੌਰ ‘ਤੇ ਫਰਜ਼ੀ ਰਿਪੋਰਟ ਬਣਾਉਣ ਦਾ ਦਾਅਵਾ ਕੀਤਾ ਹੈ।ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਵਿਅਕਤੀ ਨੂੰ ਆਪਣੀ ਜਾਨ ਦਾ ਖਤਰਾ ਹੈ ਅਤੇ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸ ਦਾ ਹਮਲਾ – FIR ਦਾ ਹਵਾਲਾ
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਹਰਿਆਣਾ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਸਾਂਝੀ ਕਰਦੇ ਹੋਏ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਸੁਖਬੀਰ ਬਾਦਲ ਦੇ ਗੰਭੀਰ ਇਲਜ਼ਾਮ
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੈਸੇ ਦੇ ਬਦਲੇ ਝੂਠੀਆਂ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸ ਅਤੇ ਭਾਜਪਾ ਦੀਆਂ ਤਿੱਖੀਆਂ ਪ੍ਰਤੀਕਿਰਿਆਵਾਂ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਧਰ ਭਾਜਪਾ ਆਗੂਆਂ ਨੇ ਵੀ ਇਸ ਮਾਮਲੇ ਨੂੰ ਸਿੱਖ ਸੰਸਥਾਵਾਂ ਦੇ ਅਪਮਾਨ ਨਾਲ ਜੋੜਦੇ ਹੋਏ ਸਰਕਾਰ ਨੂੰ ਘੇਰਿਆ ਹੈ।
ਹਰਿਆਣਾ ਪੁਲਿਸ ਦੀ ਕਾਰਵਾਈ
ਹਰਿਆਣਾ ਪੁਲਿਸ ਦਾ ਦਾਅਵਾ ਹੈ ਕਿ ਇਸ ਮਾਮਲੇ ਨਾਲ ਜੁੜੀਆਂ ਦੋ ਫੋਰੈਂਸਿਕ ਰਿਪੋਰਟਾਂ ਜਾਅਲੀ ਪਾਈਆਂ ਗਈਆਂ ਹਨ। ਪੁਲਿਸ ਨੇ ਗੁਰੂਗ੍ਰਾਮ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
10 ਲੱਖ ਰੁਪਏ ਦੇ ਲੈਣ-ਦੇਣ ਦੇ ਇਲਜ਼ਾਮ
ਸ਼ਿਕਾਇਤਕਰਤਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਸ ਨੂੰ ਫਰਜ਼ੀ ਫੋਰੈਂਸਿਕ ਰਿਪੋਰਟ ਬਣਾਉਣ ਲਈ ਦਬਾਅ ਪਾਇਆ ਗਿਆ ਅਤੇ ਇਸ ਦੇ ਬਦਲੇ ਕਰੀਬ 10 ਲੱਖ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ। ਮਾਮਲੇ ਵਿੱਚ ਧਮਕੀਆਂ ਦੇਣ ਦੇ ਇਲਜ਼ਾਮ ਵੀ ਲਗਾਏ ਗਏ ਹਨ।
ਮਾਹੌਲ ਹੋਇਆ ਹੋਰ ਗਰਮ
ਇਸ ਪੂਰੇ ਵਿਵਾਦ ਨੇ ਪੰਜਾਬ ਦੀ ਸਿਆਸਤ ਨੂੰ ਹੋਰ ਤਣਾਅਪੂਰਨ ਬਣਾ ਦਿੱਤਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ‘ਤੇ ਹਮਲਾਵਰ ਹਨ, ਜਦਕਿ ਸਰਕਾਰ ਵੱਲੋਂ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੱਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਵੀ ਵੱਡਾ ਸਿਆਸੀ ਰੂਪ ਧਾਰਨ ਕਰ ਸਕਦਾ ਹੈ।





