“ਅਕਾਲ ਤਖ਼ਤ ਦਾ ਵੱਡਾ ਐਕਸ਼ਨ: ਮੰਤਰੀਆਂ ਸਣੇ ਸਮੂਹ ਸਿੱਖ ਵਿਧਾਇਕ ਤਲਬ, ਗੈਰ-ਸਿੱਖ ਮੰਤਰੀਆਂ ਤੋਂ ਵੀ ਮੰਗਿਆ ਜਵਾਬ”
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਨੂੰ ਲੈ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਪੇਸ਼ ਹੋਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਹਨ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਐਕਟ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਗਿਆ ਸੀ।
ਈ-ਮੇਲ ਅਤੇ ਵ੍ਹਾਟਸਐਪ ਰਾਹੀਂ ਭੇਜੇ ਗਏ ਅਧਿਕਾਰਤ ਪੱਤਰ
ਬਗੀਚਾ ਸਿੰਘ ਨੇ ਦੱਸਿਆ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ‘ਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ‘ਤੇ ਵ੍ਹਾਟਸਐਪ ਰਾਹੀਂ 17 ਅਤੇ 18 ਜੂਨ 2026 ਨੂੰ ਅਧਿਕਾਰਤ ਪੱਤਰ ਭੇਜੇ ਜਾ ਚੁੱਕੇ ਹਨ।



ਵਿਧਾਨ ਸਭਾ ਸਪੀਕਰ ਨੂੰ ਵੀ ਭੇਜਿਆ ਗਿਆ ਪੱਤਰ
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ 23 ਜੂਨ 2026 ਨੂੰ ਪੱਤਰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨਾਲ ਫ਼ੋਨ ਰਾਹੀਂ ਵੀ ਸੰਪਰਕ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਭੇਜੇ ਗਏ ਪੱਤਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਗੈਰ-ਸਿੱਖ ਮੰਤਰੀਆਂ ਤੋਂ ਵੀ ਮੰਗਿਆ ਗਿਆ ਲਿਖਤੀ ਪੱਖ
ਬਗੀਚਾ ਸਿੰਘ ਨੇ ਕਿਹਾ ਕਿ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ‘ਤੇ ਵਿਚਾਰ-ਵਟਾਂਦਰਾ ਅਤੇ ਸਬੰਧਤ ਪੱਖਾਂ ਦੀ ਰਾਏ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ ਬੁਲਾਇਆ ਗਿਆ ਹੈ।



ਉਨ੍ਹਾਂ ਇਹ ਵੀ ਦੱਸਿਆ ਕਿ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਅਤੇ ਉਨ੍ਹਾਂ ਨੂੰ 29 ਜੂਨ ਤੋਂ ਪਹਿਲਾਂ ਇਸ ਮਾਮਲੇ ਸਬੰਧੀ ਆਪਣਾ ਲਿਖਤੀ ਪੱਖ ਭੇਜਣ ਲਈ ਕਿਹਾ ਗਿਆ ਹੈ।