‘ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓਆਂ ਬਣਾਈਆਂ ਜਾ ਰਹੀਆਂ, ਪਰ ਮੈਂ ਪੰਜਾਬ ਲਈ ਕੰਮ ਕਰਦਾ ਰਹਾਂਗਾ’ : ਮਾਨ
ਬਰਨਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਨੂੰ ਹਜ਼ਮ ਨਹੀਂ ਕਰ ਸਕਦੀਆਂ ਅਤੇ ਇਸੇ ਕਾਰਨ ਉਹ ਧਰਮ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1 ਜੁਲਾਈ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਤਹਿਤ ਪਿੰਡਾਂ ਵਿੱਚ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸਿਆਸੀ ਤੌਰ ‘ਤੇ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ, ਇਸ ਲਈ ਉਹ ਫ਼ਰਜ਼ੀ ਵੀਡੀਓਆਂ ਅਤੇ ਧਾਰਮਿਕ ਮੁੱਦਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਪਰਿਵਾਰਕ ਪਾਰਟੀ ਬਣ ਕੇ ਰਹਿ ਗਿਆ ਹੈ, ਜਦਕਿ ਕਾਂਗਰਸ ਵਿੱਚ ਹਰ ਆਗੂ ਮੁੱਖ ਮੰਤਰੀ ਬਣਨ ਦਾ ਦਾਅਵੇਦਾਰ ਹੈ।
‘ਲੋਕ ਹੀ ਆਖਰੀ ਫੈਸਲਾ ਕਰਨਗੇ’
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਆਖਰੀ ਫੈਸਲਾ ਲੋਕ ਹੀ ਕਰਨਗੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈ ਸਕਦਾ ਹੈ।