4 ਜੁਲਾਈ ਨੂੰ ਚੰਡੀਗੜ੍ਹ ‘ਚ ਕਿਸਾਨਾਂ ਦਾ ਵੱਡਾ ਮੋਰਚਾ, ਤਿਆਰੀਆਂ ਜੋਰਾਂ ‘ਤੇ
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵੱਡੇ ਕਿਸਾਨ ਮੋਰਚੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਪੱਧਰ ‘ਤੇ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ 4 ਜੁਲਾਈ ਦੇ ਮੋਰਚੇ ਦੀ ਮੁੱਖ ਮੰਗ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਜਾ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਦੇਸ਼ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ “ਮੌਤ ਦਾ ਵਾਰੰਟ” ਸਾਬਤ ਹੋ ਸਕਦਾ ਹੈ, ਜਿਸ ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚੇਗਾ।

ਕਿਸਾਨ ਆਗੂ ਨੇ ਦੱਸਿਆ ਕਿ ਮਜੀਠਾ, ਹਰਸ਼ਾ ਛੀਨਾ, ਚੋਗਾਵਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਝੰਡਾ ਮਾਰਚ ਕੱਢੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੋਰਚੇ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸੈਂਕੜੇ ਕਿਸਾਨ, ਮਜ਼ਦੂਰ, ਮਾਵਾਂ ਅਤੇ ਭੈਣਾਂ ਚੰਡੀਗੜ੍ਹ ਪਹੁੰਚ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਗੇ। ਪਰਮਿੰਦਰ ਸਿੰਘ ਪੰਡੋਰੀ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਸਰਕਾਰ ਵੱਲੋਂ ਇੰਧਨ ਦੀਆਂ ਕੀਮਤਾਂ ਵਿੱਚ ਕਮੀ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਮੰਗ ਕੀਤੀ ਕਿ ਆਮ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਵਿੱਚ ਖੇਤੀ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਫਸਲਾਂ ਦੀ ਲਾਗਤ ਨਾ ਨਿਕਲਣ ਕਾਰਨ ਕਿਸਾਨ ਖੇਤੀ ਤੋਂ ਦੂਰ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ MSP ਗਾਰੰਟੀ ਕਾਨੂੰਨ ਤੁਰੰਤ ਲਾਗੂ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਅਤੇ ਕਿਸਾਨਾਂ ਨੂੰ ਸਸਤਾ ਡੀਜ਼ਲ, ਖਾਦਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।