ਮੇਅਰ ਚੋਣਾਂ ਵਿੱਚ ਦੇਰੀ ‘ਤੇ ਰਾਣਾ ਗੁਰਜੀਤ ਦਾ ਸਰਕਾਰ ‘ਤੇ ਹਮਲਾ, ਹਾਈ ਕੋਰਟ ਜਾਣ ਦੀ ਦਿੱਤੀ ਚੇਤਾਵਨੀ
ਕਪੂਰਥਲਾ: ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਨਗਰ ਨਿਗਮ ਮੇਅਰ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਕੀਤਾ ਗਿਆ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨਗੇ। ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਉਨ੍ਹਾਂ ਨਗਰ ਨਿਗਮਾਂ ਵਿੱਚ ਹੀ ਚੋਣਾਂ ਕਰਵਾ ਰਹੀ ਹੈ, ਜਿੱਥੇ ਉਸ ਦੀ ਪਾਰਟੀ ਕੋਲ ਬਹੁਮਤ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਕਾਂਗਰਸ ਦੀ ਮਜ਼ਬੂਤ ਸਥਿਤੀ ਦੇ ਮੱਦੇਨਜ਼ਰ ਸਰਕਾਰ ਜਾਣਬੁੱਝ ਕੇ ਮੇਅਰ ਚੋਣਾਂ ਨੂੰ ਲਟਕਾ ਰਹੀ ਹੈ। ਕਾਂਗਰਸੀ ਵਿਧਾਇਕ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਕੌਂਸਲਰਾਂ ਨੂੰ ਤੋੜਨ ਅਤੇ ਦਲ-ਬਦਲ ਲਈ ਪ੍ਰੇਰਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਕੋਈ ਵੀ ਕੌਂਸਲਰ ਪਾਰਟੀ ਛੱਡ ਕੇ ਨਹੀਂ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਥੀ ਪਿਛਲੇ 25 ਸਾਲਾਂ ਤੋਂ ਕਾਂਗਰਸ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ ਅਤੇ ਅੱਗੇ ਵੀ ਪਾਰਟੀ ਦੇ ਨਾਲ ਖੜ੍ਹੇ ਰਹਿਣਗੇ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਅਜੇ ਤੱਕ ਸਹੁੰ ਨਾ ਚੁੱਕੇ ਜਾਣ ਕਾਰਨ ਨਗਰ ਨਿਗਮ ਦੇ ਕਈ ਅਹਿਮ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸਆਈਆਰ ਸਮੇਤ ਕਈ ਪ੍ਰਾਜੈਕਟ ਲਟਕਣ ਦੇ ਕਗਾਰ ‘ਤੇ ਹਨ, ਜਿਸ ਦਾ ਸਿੱਧਾ ਨੁਕਸਾਨ ਸ਼ਹਿਰ ਵਾਸੀਆਂ ਨੂੰ ਹੋਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜਨਤਕ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ। ਪ੍ਰਸ਼ਾਸਨਿਕ ਨਾਕਾਮੀ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ ਅਤੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਰਾਜਨੀਤਿਕ ਵਿਰੋਧੀਆਂ ਵੱਲੋਂ ਲਗਾਏ ਗਏ ‘ਵੋਟ ਚੋਰੀ’ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ,
“ਝੂਠੇ ਅਤੇ ਬੇਬੁਨਿਆਦ ਇਲਜ਼ਾਮ ਮੇਰੀ ਆਵਾਜ਼ ਨੂੰ ਚੁੱਪ ਨਹੀਂ ਕਰਵਾ ਸਕਦੇ। ਮੈਂ ਲੋਕਾਂ ਦੇ ਹੱਕਾਂ ਲਈ ਅੱਗੇ ਵੀ ਲੜਦਾ ਰਹਾਂਗਾ।”
ਰਾਣਾ ਗੁਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਜਲਦ ਚੋਣਾਂ ਦਾ ਐਲਾਨ ਨਹੀਂ ਕਰਦੀ, ਤਾਂ ਕਾਨੂੰਨੀ ਰਾਹ ਅਪਣਾਇਆ ਜਾਵੇਗਾ।