ਅਸਤੀਫ਼ੇ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ, ਕਿਹਾ- ‘ਕਿਸੇ ਵੀ ਪੰਥਕ ਮਰਿਆਦਾ ਦੀ ਨਹੀਂ ਕੀਤੀ ਉਲੰਘਣਾ’
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਚੱਲ ਰਹੇ ਵਿਵਾਦਾਂ ਬਾਰੇ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੰਥਕ ਮਰਿਆਦਾ ਜਾਂ ਹੁਕਮਨਾਮੇ ਦੀ ਉਲੰਘਣਾ ਨਹੀਂ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਨਾਲ ਹੀ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਵਜੋਂ ਵੀ ਆਪਣਾ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਪੀਏ ਜਸਪਾਲ ਸਿੰਘ ਨੂੰ ਸੌਂਪ ਦਿੱਤਾ ਸੀ।
‘ਮੈਨੂੰ ਤਲਬ ਕੀਤੇ ਜਾਣ ਦੀਆਂ ਗੱਲਾਂ ਬੇਬੁਨਿਆਦ’
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਨੂੰ ਅਸਤੀਫ਼ੇ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ, ਪਰ ਉਨ੍ਹਾਂ ਨੇ ਕਦੇ ਵੀ ਕਿਸੇ ਹੁਕਮ ਦੀ ਅਣਦੇਖੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਅਤੇ ਹੁਣ ਵੀ ਉਨ੍ਹਾਂ ਨੇ ਆਪਣਾ ਪੱਖ ਸਿੰਘ ਸਾਹਿਬਾਨ ਸਾਹਮਣੇ ਸਪੱਸ਼ਟ ਤੌਰ ‘ਤੇ ਰੱਖਿਆ ਹੈ ਅਤੇ ਹੁਣ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਕੀਤਾ ਜਾਣਾ ਹੈ।ਹਾਲਾਂਕਿ, ਧਾਮੀ ਨੇ ਆਪਣੇ ਅਸਤੀਫ਼ੇ ਦੇ ਅਸਲ ਕਾਰਨਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ।
ਪੰਥਕ ਇਕੱਤਰਤਾ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ
ਇਸ ਦੌਰਾਨ ਐੱਸਜੀਪੀਸੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੌਜੂਦਾ ਪੰਥਕ ਅਤੇ ਸਿਆਸੀ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਕਥਿਤ ਵੀਡੀਓ ਵਿਵਾਦ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਕਿਰਿਆ ਅਨੁਸਾਰ ਇਸ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਬੇਕਸੂਰ ਮੰਨਦਾ ਹੈ ਤਾਂ ਉਸ ਨੂੰ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਤੋਂ ਡਰਨਾ ਨਹੀਂ ਚਾਹੀਦਾ। ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਤੇ ਫ਼ੈਸਲੇ ਸਮੁੱਚੇ ਪੰਥ ਲਈ ਸਰਵੋਚ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਵਾਲਾ ਕਦੇ ਵੀ ਸਫਲ ਨਹੀਂ ਹੋਇਆ। ਮੰਨਣ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਆਧੁਨਿਕ ਸਮੇਂ ਦੇ ਰਾਜਨੀਤਿਕ ਆਗੂਆਂ ਤੱਕ ਸਭ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਜਾਣ ਵਾਲੇ ਗੁਰਮਤੇ ਅਨੁਸਾਰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੰਥਕ ਮੁੱਦਿਆਂ ‘ਤੇ ਸਾਰਿਆਂ ਨੂੰ ਨਾਲ ਜੋੜਿਆ ਜਾ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਖ਼ੀਰਕਾਰ ਸਾਰੇ ਰਾਜਨੀਤਿਕ ਧਿਰਾਂ ਪੰਥਕ ਫ਼ੈਸਲਿਆਂ ਦਾ ਸਨਮਾਨ ਕਰਨਗੀਆਂ।