ਸਮਰਾਲਾ ‘ਚ ਵੱਡਾ ਸਿਆਸੀ ਉਲਟਫੇਰ, ਬਬਲੂ ਲੋਪੋਂ ਵਾਰਸ ਪੰਜਾਬ ‘ਚ ਸ਼ਾਮਲ
ਹਲਕਾ ਸਮਰਾਲਾ: ਸਮਰਾਲਾ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਪੰਥਕ ਧਿਰ ਵਿੱਚ ਵੱਡੀ ਪਛਾਣ ਰੱਖਣ ਵਾਲੇ ਸੀਨੀਅਰ ਆਗੂ ਇੰਦਰਜੀਤ ਸਿੰਘ ਲੋਪੋਂ ਅਤੇ ਉਨ੍ਹਾਂ ਦੇ ਸਪੁੱਤਰ ਬਲਜਿੰਦਰ ਸਿੰਘ ਬਬਲੂ ਲੋਪੋਂ ਨੇ ਆਪਣੇ ਸਾਥੀਆਂ ਸਮੇਤ ਪੁਨਰ ਸੁਰਜੀਤ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਲੋਪੋਂ ਵਿਖੇ ਕਰਵਾਏ ਗਏ ਵੱਡੇ ਇਕੱਠ ਦੌਰਾਨ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਬੂ ਤਰਸੇਮ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇੰਦਰਜੀਤ ਸਿੰਘ ਲੋਪੋਂ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਪੰਥ, ਪੰਜਾਬ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਲੋਪੋਂ ਲੰਬੇ ਸਮੇਂ ਤੱਕ ਪਿੰਡ ਦੇ ਸਰਪੰਚ ਅਤੇ ਲੁਧਿਆਣਾ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਰਹੇ ਹਨ, ਜਦਕਿ ਬਲਜਿੰਦਰ ਸਿੰਘ ਬਬਲੂ ਲੋਪੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੰਬੇ ਸਮੇਂ ਤੱਕ ਪੰਥ ਅਤੇ ਪੰਜਾਬ ਦੀ ਅਗਵਾਈ ਕੀਤੀ, ਪਰ ਪਿਛਲੇ ਸਮੇਂ ਦੌਰਾਨ ਪੰਥਕ, ਧਾਰਮਿਕ ਅਤੇ ਕਿਸਾਨੀ ਮੁੱਦਿਆਂ ’ਤੇ ਲੀਡਰਸ਼ਿਪ ਦੀਆਂ ਗਲਤੀਆਂ ਕਾਰਨ ਸਿੱਖ ਕੌਮ ਅਤੇ ਕਿਸਾਨਾਂ ਦਾ ਭਰੋਸਾ ਪਾਰਟੀ ਤੋਂ ਉੱਠ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਖੇਤਰੀ ਧਿਰ ਦੀ ਲੋੜ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਨੌਜਵਾਨਾਂ ਅਤੇ ਪੰਥ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਵੀ ਸਿੱਖਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਏ। ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੇ ਭਲੇ ਲਈ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਬਾਬੂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਅਤੇ ਖ਼ਾਸ ਕਰਕੇ ਸਿੱਖ ਕੌਮ ਅੱਜ ਬਹੁਤ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖ ਕੌਮ ਦੇ ਸੰਵਿਧਾਨਕ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।