ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਜਾਗਰੂਕਤਾ ਜ਼ਰੂਰੀ -ਰਾਜਪਾਲ ਗੁਲਾਬ ਚੰਦ ਕਟਾਰੀਆ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿਰਫ਼ ਸ਼ਰਾਬ ਦੀਆਂ ਦੁਕਾਨਾਂ ਬੰਦ ਕਰ ਦੇਣ ਨਾਲ ਨਸ਼ੇ ਦੀ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਨਾਲ ਨਵੀਂ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਜ਼ਰੂਰ ਮਿਲ ਸਕਦੀ ਹੈ, ਪਰ ਜਦੋਂ ਤੱਕ ਸਮਾਜ ਵਿੱਚ ਜਾਗਰੂਕਤਾ ਨਹੀਂ ਆਉਂਦੀ ਅਤੇ ਲੋਕਾਂ ਦੀ ਸੋਚ ਨਹੀਂ ਬਦਲਦੀ, ਉਦੋਂ ਤੱਕ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਸੰਭਵ ਨਹੀਂ।

ਰਾਜਪਾਲ ਕਟਾਰੀਆ ਨੇ ਕਿਹਾ ਕਿ “ਦੇਸ਼ ਦੇ ਕਈ ਰਾਜਾਂ ਨੇ ਸ਼ਰਾਬਬੰਦੀ ਦਾ ਰਾਹ ਅਪਣਾਇਆ, ਪਰ ਇਸ ਦੇ ਬਾਵਜੂਦ ਦੂਜੇ ਰਾਜਾਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਉੱਥੇ ਪਹੁੰਚਦੀ ਰਹੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿਰਫ਼ ਪਾਬੰਦੀ ਲਗਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲਦਾ, ਸਗੋਂ ਇਸ ਨਾਲ ਗੈਰ-ਕਾਨੂੰਨੀ ਤਸਕਰੀ ਨੂੰ ਵੀ ਵਾਧਾ ਮਿਲ ਸਕਦਾ ਹੈ। ਇਸ ਲਈ ਸਰਕਾਰਾਂ ਨੂੰ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਸਮਾਜਿਕ ਅਤੇ ਸਿੱਖਿਆ ਸੰਬੰਧੀ ਉਪਰਾਲਿਆਂ ‘ਤੇ ਵੀ ਬਰਾਬਰ ਧਿਆਨ ਦੇਣਾ ਚਾਹੀਦਾ ਹੈ।” ਉਨ੍ਹਾਂ ਰਾਜਸਥਾਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ “ਉੱਥੇ ਕਾਨੂੰਨੀ ਤੌਰ ‘ਤੇ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ, ਪਰ ਇਸ ਦੇ ਬਾਵਜੂਦ ਉੱਥੇ ਅਫੀਮ ਦੀ ਵਰਤੋਂ ਆਮ ਤੌਰ ‘ਤੇ ਘੱਟ ਹੈ। ਦੂਜੇ ਪਾਸੇ ਜਿੱਥੇ ਅਫੀਮ ਦੀ ਖੇਤੀ ਨਹੀਂ ਹੁੰਦੀ, ਉਨ੍ਹਾਂ ਖੇਤਰਾਂ ਵਿੱਚ ਇਸ ਦਾ ਇਸਤੇਮਾਲ ਜ਼ਿਆਦਾ ਦੇਖਣ ਨੂੰ ਮਿਲਦਾ ਹੈ। ਇਸ ਨਾਲ ਇਹ ਗੱਲ ਸਾਬਤ ਹੁੰਦੀ ਹੈ ਕਿ ਨਸ਼ੇ ਦੀ ਸਮੱਸਿਆ ਦਾ ਸਬੰਧ ਸਿਰਫ਼ ਉਤਪਾਦਨ ਜਾਂ ਉਪਲਬਧਤਾ ਨਾਲ ਨਹੀਂ, ਸਗੋਂ ਲੋਕਾਂ ਦੀ ਸੋਚ, ਸਮਾਜਿਕ ਮਾਹੌਲ, ਪਰਿਵਾਰਕ ਸੰਸਕਾਰ ਅਤੇ ਜਾਗਰੂਕਤਾ ਨਾਲ ਵੀ ਹੈ।” ਰਾਜਪਾਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪਰਿਵਾਰ, ਸਕੂਲ, ਸਿੱਖਿਆ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਸਰਕਾਰ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਅਤੇ ਨੌਜਵਾਨਾਂ ਨੂੰ ਸ਼ੁਰੂ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਅਤੇ ਲੋਕ ਭਾਗੀਦਾਰੀ ਦੀ ਸਭ ਤੋਂ ਵੱਧ ਲੋੜ ਹੈ।