ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਫ਼ੈਸਲੇ ਦਾ ਕਰਾਂਗੇ ਸਨਮਾਨ: ਭਗਵੰਤ ਮਾਨ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲਣ ਵਾਲੇ ਹਰ ਨਿਰਦੇਸ਼ ਦਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵੋਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਦਾ ਸਨਮਾਨ ਕਰਨਾ ਹਰ ਸਿੱਖ ਦਾ ਫਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਧਾਰਮਿਕ ਸੰਸਥਾਵਾਂ ਦੇ ਸਤਿਕਾਰ ਨੂੰ ਸਭ ਤੋਂ ਉੱਪਰ ਰੱਖਦੀ ਹੈ।
ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪੇਸ਼ੀ ਪੂਰੀ ਸ਼ਰਧਾ, ਨਿਮਰਤਾ ਅਤੇ ਮਰਿਆਦਾ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਇਸ ਸਬੰਧੀ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਪੇਸ਼ੀ ਦੌਰਾਨ ਪੂਰੀ ਅਨੁਸ਼ਾਸਨ ਅਤੇ ਮਰਿਆਦਾ ਬਣੀ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਹਰ ਮੰਤਰੀ ਅਤੇ ਵਿਧਾਇਕ ਆਪਣਾ ਪੱਖ ਲਿਖਤੀ ਰੂਪ ਵਿੱਚ ਪੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਪੂਰੇ ਤੱਥਾਂ ਨੂੰ ਸਪੱਸ਼ਟ ਅਤੇ ਮਰਿਆਦਾ ਮੁਤਾਬਕ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਫ਼ੈਸਲਾ ਜਾਂ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ, ਉਨ੍ਹਾਂ ਨੂੰ ਪੂਰੇ ਸਨਮਾਨ ਨਾਲ ਸੁਣਿਆ ਅਤੇ ਮੰਨਿਆ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੇਸ਼ੀ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਾਰੇ ਮੰਤਰੀ ਅਤੇ ਵਿਧਾਇਕ ਮੀਡੀਆ ਸਾਹਮਣੇ ਵੀ ਆਪਣਾ ਪੱਖ ਰੱਖਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੂਰੀ ਜਾਣਕਾਰੀ ਦੇਣ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੱਤਰ ਦੇ ਨਾਲ ਮਾਸਕ ਵਾਲੀ ਵੀਡੀਓ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਵੀਡੀਓ ਨਕਲੀ ਮਾਸਕ ਦੀ ਵਰਤੋਂ ਕਰਕੇ ਤਿਆਰ ਕੀਤੀ ਗਈ ਸੀ ਅਤੇ ਇਹ ਮਨਘੜਤ ਸੀ। ਉਨ੍ਹਾਂ ਦੁਹਰਾਇਆ ਕਿ ਉਹ ਉਸ ਵੀਡੀਓ ਵਿੱਚ ਮੌਜੂਦ ਨਹੀਂ ਸਨ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਾਹਮਣਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਫ਼ੈਸਲਾ ਆਵੇਗਾ, ਉਹ ਉਸ ਦਾ ਸਨਮਾਨ ਕਰਨਗੇ।