ਮੋਗਾ ’ਚ ਦਿਲ ਦਹਿਲਾਉਣ ਵਾਲੀ ਘਟਨਾ, ਅਵਾਰਾ ਕੁੱਤਿਆਂ ਦੇ ਹਮਲੇ ’ਚ ਕਿਸਾਨ ਦੀ ਮੌਤ
ਮੋਗਾ: ਜ਼ਿਲ੍ਹਾ ਮੋਗਾ ਦੇ ਪਿੰਡ ਕਪੂਰੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਖੇਤਾਂ ਵਿੱਚ ਕੰਮ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੇ ਇੱਕ ਕਿਸਾਨ ਦੀ ਕਥਿਤ ਤੌਰ ’ਤੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ, ਜਦਕਿ ਲੋਕ ਆਪਣੇ ਬੱਚਿਆਂ ਅਤੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਪਿੰਡ ਕਪੂਰੇ ਦੇ ਰਹਿਣ ਵਾਲੇ ਸਰਬਜੀਤ ਸਿੰਘ ਦੇਰ ਰਾਤ ਖੇਤਾਂ ਵਿੱਚ ਕੰਮ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਕਥਿਤ ਤੌਰ ’ਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਕੁੱਤਿਆਂ ਨੇ ਸਰਬਜੀਤ ਸਿੰਘ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਰਾਤ ਸਮੇਂ ਇਕੱਲੇ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਹਿਲਾਂ ਵੀ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਅੱਠ ਤੋਂ ਦਸ ਘਟਨਾਵਾਂ ਵਾਪਰ ਚੁੱਕੀਆਂ ਹਨ। ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਅਵਾਰਾ ਕੁੱਤੇ ਇੱਕ ਬਾਲਗ ਵਿਅਕਤੀ ਦੀ ਜਾਨ ਲੈ ਸਕਦੇ ਹਨ ਤਾਂ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਰ ਵੀ ਵੱਧ ਜਾਂਦੀ ਹੈ। ਪਿੰਡ ਵਾਸੀ ਮਹਿੰਦਰਪਾਲ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਂਦਾ ਤਾਂ ਅੱਜ ਇੱਕ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਆਪਣਿਆਂ ਵਿਚਕਾਰ ਹੁੰਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।

ਉੱਧਰ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਨੇ ਵੀ ਇਸ ਘਟਨਾ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ’ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਨਸਬੰਦੀ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾਂਦੇ ਤਾਂ ਸ਼ਾਇਦ ਇਹ ਦਰਦਨਾਕ ਘਟਨਾ ਨਾ ਵਾਪਰਦੀ। ਫਿਲਹਾਲ ਇਸ ਘਟਨਾ ਤੋਂ ਬਾਅਦ ਪਿੰਡ ਕਪੂਰੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।